ਰਾਹੁਲ ਗਾਂਧੀ ਦੇ ਬਿਆਨ ਨੇ ਜ਼ਖਮਾਂ ‘ਤੇ ਲੂਣ ਛਿੜਕਿਆ

ਨਵੰਬਰ 84 ਦੇ ਮੁੱਦੇ ‘ਤੇ ਫਿਰ ਭਖੀ ਸਿਆਸਤ
ਚੰਡੀਗੜ੍ਹ (ਪੰਜਾਬ ਟਾਈਮਜ਼ ਬਿਊਰੋ): ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਦੇ ਨੌਜਵਾਨ ਆਗੂ ਅਤੇ ਗਾਂਧੀ ਪਰਿਵਾਰ ਦੇ ਫਰਜੰਦ ਰਾਹੁਲ ਗਾਂਧੀ ਨੇ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਵਿਚ ਕਾਂਗਰਸੀਆਂ ਦੀ ਸ਼ਮੂਲੀਅਤ ਬਾਰੇ ਬਿਆਨਬਾਜ਼ੀ ਕਰ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਮਾਮਲੇ ਵਿਚ ਜਿੱਥੇ ਭਾਜਪਾ ਨੇ ਕਾਂਗਰਸ ‘ਤੇ ਤਿੱਖੇ ਵਾਰ ਕੀਤੇ ਹਨ, ਉਥੇ ਸ਼੍ਰੋਮਣੀ ਅਕਾਲੀ ਦਲ, ਧਾਰਮਿਕ ਸ਼ਖ਼ਸੀਅਤਾਂ ਤੇ ਸਿੱਖ ਜਥੇਬੰਦੀਆਂ ਨੇ ਸਖ਼ਤ ਪ੍ਰਤੀਕਰਮ ਪ੍ਰਗਟਾਇਆ ਹੈ।
ਟੀæਵੀæ ਚੈਨਲ ‘ਟਾਈਮਜ਼ ਨਾਓ’ ਨਾਲ ਆਪਣੀ ਇੰਟਰਵਿਊ ਦੌਰਾਨ ਰਾਹੁਲ ਗਾਂਧੀ ਨੇ ਬੜੀ ਸਫਾਈ ਨਾਲ ਭਾਜਪਾ ਨੂੰ ਗੁਜਰਾਤ ਦੰਗਿਆਂ ਲਈ ਦੋਸ਼ੀ ਕਰਾਰ ਦਿੰਦਿਆਂ ਕਾਂਗਰਸ ਦੇ ਬਚਾਅ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ 2002 ਵਿਚ ਗੁਜਰਾਤ ਵਿਚ ਹੋਏ ਦੰਗਿਆਂ ਲਈ ਨਰੇਂਦਰ ਮੋਦੀ ਦੀ ਸਰਕਾਰ ਜ਼ਿੰਮੇਵਾਰ ਹੈ ਪਰ 1984 ਵਿਚ ਕਾਂਗਰਸ ਸਰਕਾਰ ਨੇ ਸਿੱਖ ਵਿਰੋਧੀ ਦੰਗੇ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਸੀ।
ਇਸ ਗੱਲਬਾਤ ਦੌਰਾਨ ਉਨ੍ਹਾਂ ਇਹ ਗੱਲ ਕਬੂਲ ਲਈ ਕਿ ਸਿੱਖ ਕਤਲੇਆਮ ਵਿਚ ਕੁਝ ਕਾਂਗਰਸੀ ਆਗੂ ਸ਼ਾਮਲ ਹੋ ਸਕਦੇ ਹਨ ਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਚੱਲ ਰਹੀ ਹੈ। ਜਦੋਂ ਉਨ੍ਹਾਂ ਨੂੰ ਮੁਆਫੀ ਮੰਗਣ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਇਹ ਕਹਿ ਕੇ ਪਾਸਾ ਵੱਟਣ ਦੀ ਕੋਸ਼ਿਸ਼ ਕੀਤੀ ਕਿ ਜਿਸ ਵੇਲੇ ਇਹ ਘਟਨਾ ਵਾਪਰੀ ਸੀ, ਉਸ ਵੇਲੇ ਉਹ ਪਾਰਟੀ ਵਿਚ ਨਹੀਂ ਸਨ।
ਉਧਰ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਰਾਹੁਲ ਗਾਂਧੀ ਨੂੰ ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਕਾਂਗਰਸੀਆਂ ਦੀ ਸ਼ਮੂਲੀਅਤ ਬਾਰੇ ਜਾਣਕਾਰੀ ਸੀ ਪਰ ਉਹ ਹੁਣ ਤਕ ਚੁੱਪ ਕਿਉਂ ਬੈਠਾ ਰਿਹਾ? ਜੇ ਹੁਣ ਉਸ ਨੇ ਇਸ ਮਾਮਲੇ ਵਿਚ ਕਾਂਗਰਸੀਆਂ ਦੀ ਸ਼ਮੂਲੀਅਤ ਦਾ ਇੰਕਸ਼ਾਫ ਕੀਤਾ ਹੈ ਤਾਂ ਫਿਰ ਉਹ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਵੀ ਯਤਨ ਕਰੇ ਤੇ ਪੀੜਤਾਂ ਨੂੰ ਨਿਆਂ ਦਿਵਾਏ। ਸਿੱਖ ਕਤਲੇਆਮ ਦੇ ਪੀੜਤਾਂ ਨੂੰ ਤਿੰਨ ਦਹਾਕੇ ਬੀਤਣ ਬਾਅਦ ਵੀ ਨਿਆਂ ਨਹੀਂ ਮਿਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਾਂਗਰਸ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਵੱਲੋਂ 1984 ਦੇ ਸਿੱਖ ਕਤਲੇਆਮ ਸਬੰਧੀ ਦਿੱਤੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 29 ਸਾਲ ਦੇ ਲੰਮੇ ਅਰਸੇ ਬਾਅਦ ਸ੍ਰੀ ਗਾਂਧੀ ਨੇ ਆਪਣੀ ਪਾਰਟੀ ਦੇ ਕੁਝ ਨੁਮਾਇੰਦਿਆਂ ਦੀ 1984 ਦੇ ਸਿੱਖ ਕਤਲੇਆਮ ਬਾਰੇ ਸ਼ਮੂਲੀਅਤ ਨੂੰ ਸਵੀਕਾਰਨ ਦੇ ਬਾਵਜੂਦ ਵੀ ਸਿੱਖਾਂ ਪਾਸੋਂ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ ਜੋ ਗਾਂਧੀ ਪਰਿਵਾਰ ਤੇ ਕਾਂਗਰਸ ਪਾਰਟੀ ਦੀ ਸਿੱਖਾਂ ਬਾਰੇ ਸੋਚ ਦਾ ਪ੍ਰਗਟਾਵਾ ਹੈ। ਕਾਂਗਰਸ ਦੇ ਕੁਝ ਆਗੂ ਹੀ ਨਹੀਂ ਬਲਕਿ ਸਮੁੱਚੇ ਰੂਪ ਵਿਚ ਕਾਂਗਰਸ ਪਾਰਟੀ ਹੀ ਦਿੱਲੀ ਦੰਗਿਆਂ ਵਿਚ ਸ਼ਾਮਲ ਸੀ। ਕਾਂਗਰਸ ਪਾਰਟੀ ਨੇ ਦਿੱਲੀ ਵਿਚ ਦੰਗੇ ਕਰਵਾਉਣ ਬਦਲੇ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਤੇ ਐਚæਕੇæਐਲ਼ ਭਗਤ ਵਰਗਿਆਂ ਨੂੰ ਪਾਰਟੀ ਵਿਚ ਵੱਡੇ ਅਹੁਦੇ ਦੇ ਕੇ ਨਿਵਾਜਿਆ ਸੀ। ਇਨ੍ਹਾਂ ਦੰਗਿਆਂ ਦੌਰਾਨ ਇਕੱਲੀ ਦਿੱਲੀ ਵਿਚ ਹੀ ਤਕਰੀਬਨ ਚਾਰ ਹਜ਼ਾਰ ਸਿੱਖ ਮਾਰੇ ਗਏ ਸਨ।
ਸੁਪਰੀਮ ਕੋਰਟ ਦੇ ਉਘੇ ਵਕੀਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਐਡਵੋਕੇਟ ਐਚæਐਸ਼ ਫੂਲਕਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਠੀਕ ਆਖਿਆ ਹੈ ਕਿ ਗੁਜਰਾਤ ਅਤੇ 1984 ਦੇ ਦਿੱਲੀ ਦੰਗਿਆਂ ਵਿਚਕਾਰ ਫਰਕ ਹੈ ਪਰ ਉਸ ਵਲੋਂ ਇਸ ਸਬੰਧੀ ਦਿੱਤੀ ਗਈ ਦਲੀਲ ਗ਼ਲਤ ਹੈ। ਉਨ੍ਹਾਂ ਆਖਿਆ ਕਿ ਗੁਜਰਾਤ ਦੰਗਿਆਂ ਵਿਚ 131 ਬੰਦਿਆਂ ਨੂੰ ਉਮਰ ਕੈਦ ਦੀ ਸਜ਼ਾ ਹੋ ਚੁੱਕੀ ਹੈ, 10 ਨੂੰ ਮੌਤ ਦੀ ਸਜ਼ਾ ਅਤੇ ਇਕ ਮੰਤਰੀ ਨੂੰ 28 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ ਜਦੋਂਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਕਿਸੇ ਨੂੰ ਵੀ ਅਜਿਹੀ ਸਜ਼ਾ ਨਹੀਂ ਹੋਈ।
ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਕਾਂਗਰਸ ਸਰਕਾਰ ਤੇ ਕਾਂਗਰਸ ਪਾਰਟੀ ਦੀ ਪੂਰੀ ਤਰ੍ਹਾਂ ਸ਼ਮੂਲੀਅਤ ਸੀ। ਇਸ ਮਾਮਲੇ ਵਿਚ ਉਸ ਦੇ ਪਿਤਾ ਰਾਜੀਵ ਗਾਂਧੀ ਦਾ ਰੋਲ ਵੀ ਇਕ ਕਿਤਾਬ ਦੇ ਖੁੱਲ੍ਹੇ ਪੰਨੇ ਵਾਂਗ ਹੈ। ਸਰਕਾਰ ਤੇ ਪ੍ਰਸ਼ਾਸਨ ਦੇ ਸਹਿਯੋਗ ਤੋਂ ਬਿਨਾਂ ਸਮੂਹਿਕ ਕਤਲੇਆਮ ਨਹੀਂ ਹੋ ਸਕਦਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸੰਯੁਕਤ ਰਾਸ਼ਟਰ ਨੂੰ ਪੱਤਰ ਭੇਜ ਕੇ ਅਪੀਲ ਕਰ ਚੁੱਕੇ ਹਨ ਕਿ ਸਿੱਖ ਵਿਰੋਧੀ ਦੰਗਿਆਂ ਵਿਚ ਰਾਜੀਵ ਗਾਂਧੀ ਤੇ ਪੀæਵੀæ ਨਰਸਿਮ੍ਹਾ ਰਾਓ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਸੁਪਰੀਮ ਕੋਰਟ ਇਸ ਇੰਕਸ਼ਾਫ ਦਾ ਸਵੈ-ਨੋਟਿਸ ਲਵੇ ਅਤੇ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਕਰਾਏ। ਉਨ੍ਹਾਂ ਸਿੱਖ ਭਾਈਚਾਰੇ ਨੂੰ ਕਾਂਗਰਸ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂ ਨੈਤਿਕ ਆਧਾਰ ‘ਤੇ ਆਪਣੇ ਅਹੁਦਿਆਂ ਤੋਂ ਅਸਤੀਫੇ ਦੇਣ। ਰਾਹੁਲ ਗਾਂਧੀ ਦੇ ਕਬੂਲ ਕਰ ਲੈਣ ਨਾਲ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਕਾਂਗਰਸ ਦੇ ਇਸ਼ਾਰੇ ‘ਤੇ ਹੀ ਨਵੰਬਰ 1984 ਵਿਚ ਸਿੱਖ ਵਿਰੋਧੀ ਦੰਗੇ ਹੋਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਮਾਮਲੇ ਬਾਰੇ ਮਾਹਿਰਾਂ ਦੀ ਰਾਏ ਲੈ ਕੇ ਕਾਨੂੰਨੀ ਚਾਰਾਜੋਈ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ।

Be the first to comment

Leave a Reply

Your email address will not be published.