ਜਲੰਧਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਬਣੀ ਸਾਕਾ ਨੀਲਾ ਤਾਰਾ ਦੀ ਯਾਦਗਾਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਲਾਹ ਨਾਲ ਬਣਾਏ ਜਾਣ ਦੇ ਦਿੱਤੇ ਬਿਆਨ ‘ਤੇ ਸਖ਼ਤ ਟਿੱਪਣੀ ਕਰਦਿਆਂ ਮੁੱਖ ਮੰਤਰੀ ਬਾਦਲ ਨੇ ਕਿਹਾ ਹੈ ਕਿ ਅਵਤਾਰ ਸਿੰਘ ਨੇ ਝੂਠ ਬੋਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਕ ਖੁਦਮੁਖਤਿਆਰ ਅਦਾਰਾ ਹੈ ਤੇ ਉਸ ਦੇ ਕੰਮਾਂ ਵਿਚ ਉਨ੍ਹਾਂ ਵੱਲੋਂ ਕਦੇ ਕੋਈ ਦਖ਼ਲ ਨਹੀਂ ਦਿੱਤਾ ਜਾਂਦਾ।
ਸ਼ ਬਾਦਲ ਨੇ ਇਕ ਵਾਰ ਨਹੀਂ ਸਗੋਂ ਦੋ-ਤਿੰਨ ਵਾਰ ਇਸ ਗੱਲ ਨੂੰ ਦੁਹਰਾਇਆ ਕਿ ਦਰਬਾਰ ਸਾਹਿਬ ਕੰਪਲੈਕਸ ਅੰਦਰ ਬਣੀ ਸਾਕਾ ਨੀਲਾ ਤਾਰਾ ਦੀ ਯਾਦਗਾਰ ਸਮੇਂ ਉਨ੍ਹਾਂ ਦੀ ਸਲਾਹ ਲੈਣ ਬਾਰੇ ਜਥੇਦਾਰ ਅਵਤਾਰ ਸਿੰਘ ਵੱਲੋਂ ਕੀਤੀ ਗਈ ਬਿਆਨਬਾਜ਼ੀ ਝੂਠੀ ਹੈ। ਉਨ੍ਹਾਂ ਕਿਹਾ ਕਿ ਯਾਦਗਾਰ ਬਣਾਉਣ ਬਾਰੇ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਇਹ ਸਵਾਲ ਪੁੱਛੇ ਜਾਣ ‘ਤੇ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਨਾਂ ਹੀ ਜਦੋਂ ਲਿਫ਼ਾਫ਼ੇ ਵਿਚੋਂ ਨਿਕਲਦਾ ਹੈ ਤਾਂ ਕੀ ਇਹ ਦਖਲਅੰਦਾਜ਼ੀ ਨਹੀਂ ਹੈ, ਦੇ ਜਵਾਬ ਵਿਚ ਸ਼ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਦਖਲਅੰਦਾਜ਼ੀ ਸਿਰਫ਼ ਲਿਫ਼ਾਫ਼ਾ ਭੇਜਣ ਤੱਕ ਹੀ ਹੁੰਦੀ ਹੈ। ਉਸ ਤੋਂ ਬਾਅਦ ਜਦੋਂ ਪ੍ਰਧਾਨ ਬਣ ਜਾਂਦਾ ਹੈ ਤਾਂ ਉਹ ਫ਼ੈਸਲੇ ਆਪਣੀ ਮਰਜ਼ੀ ਨਾਲ ਕਰਦਾ ਹੈ।
ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਅੰਮ੍ਰਿਤਸਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਗੱਲ ਦਾ ਖ਼ੁਲਾਸਾ ਕੀਤਾ ਸੀ ਕਿ ਦਰਬਾਰ ਸਾਹਿਬ ਕੰਪਲੈਕਸ ਵਿਚ ਬਣੀ ਸਾਕਾ ਨੀਲਾ ਤਾਰਾ ਦੀ ਯਾਦਗਾਰ ਪ੍ਰਕਾਸ਼ ਸਿੰਘ ਬਾਦਲ ਦੀ ਸਲਾਹ ਨਾਲ ਬਣਾਈ ਗਈ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਦੇ ਬਹੁਤ ਸਾਰੇ ਕੰਮ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਸਲਾਹ ਨਾਲ ਹੀ ਹੁੰਦੇ ਹਨ ਕਿਉਂਕਿ ਸ਼੍ਰੋਮਣੀ ਕਮੇਟੀ ‘ਤੇ ਅਕਾਲੀ ਦਲ ਦਾ ਹੀ ਕੰਟਰੋਲ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਕਾ ਨੀਲਾ ਤਾਰਾ ਸਬੰਧੀ ਕੇਂਦਰ ਨਾਲ ਗੰਢਤੁੱਪ ਕਰਨ ਦੇ ਲਾਏ ਜਾ ਰਹੇ ਦੋਸ਼ਾਂ ਬਾਰੇ ਕੀਤੇ ਗਏ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੂਠ ਬੋਲਣ ਦੇ ਮਾਮਲੇ ਵਿਚ ਅਮਰਿੰਦਰ ਸਿੰਘ ਦਾ ਵੀ ਕੋਈ ਸਾਨੀ ਨਹੀਂ ਹੈ। ਜੇਲ੍ਹ ਕੱਟਣ ਬਾਰੇ ਕੀਤੇ ਜਾ ਰਹੇ ਦਾਅਵਿਆਂ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਜਦੋਂ ਲੋਕ ਸਭਾ ਚੋਣਾਂ ਨੇੜੇ ਆ ਗਈਆਂ ਹਨ ਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਕਾਂਗਰਸ ਅਜਿਹੇ ਹੱਥਕੰਡੇ ਅਪਣਾ ਰਹੀ ਹੈ।
ਉਨ੍ਹਾਂ ਕਿਹਾ ਕਿ ਐਮਰਜੈਂਸੀ ਦੌਰਾਨ ਉਨ੍ਹਾਂ ਨੇ 19 ਮਹੀਨੇ ਜੇਲ੍ਹ ਕੱਟੀ ਹੈ। ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਵਾਲੇ ਦਿਨ ਉਹ ਕਿਥੇ ਸਨ ਤਾਂ ਉਨ੍ਹਾਂ ਕਿਹਾ ਕਿ ਉਹ ਉਸ ਦਿਨ ਆਪਣੇ ਪਿੰਡ ਬਾਦਲ ਵਿਚ ਸਨ ਤੇ ਅਗਲੇ ਦਿਨ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਜੇ ਕਾਂਗਰਸੀ ਇਸ ਗੱਲ ‘ਤੇ ਖੁਸ਼ ਹੁੰਦੇ ਹਨ ਕਿ ਉਨ੍ਹਾਂ ਨੇ 17 ਸਾਲ ਜੇਲ੍ਹ ਨਹੀਂ ਕੱਟੀ ਤਾਂ ਉਹ ਕਾਂਗਰਸੀਆਂ ਦੀ ਖੁਸ਼ੀ ਲਈ ਇਹ ਵੀ ਮੰਨਣ ਨੂੰ ਤਿਆਰ ਹਨ ਕਿ ਉਹ ਇਕ ਦਿਨ ਵੀ ਜੇਲ੍ਹ ਨਹੀਂ ਗਏ।
_________________________________________
ਜਥੇਦਾਰ ਅਵਤਾਰ ਸਿੰਘ ਨੇ ਸੁਰ ਬਦਲੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ‘ਝਿੜਕ’ ਮਗਰੋਂ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸਾਕਾ ਨੀਲਾ ਤਾਰਾ ਫੌਜੀ ਹਮਲੇ ਵਿਚ ਸ਼ਹੀਦ ਹੋਏ ਲੋਕਾਂ ਦੀ ਯਾਦ ਵਿਚ ਸ਼ਹੀਦੀ ਯਾਦਗਾਰ ਬਣਾਉਣ ਦਾ ਫ਼ੈਸਲਾ ਨਿਰੋਲ ਸ਼੍ਰੋਮਣੀ ਕਮੇਟੀ ਦਾ ਸੀ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਗਿਆ ਸੀ। ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ ਜਿਸ ਖ਼ਿਲਾਫ਼ ਉਹ ਕਾਰਵਾਈ ਕਰਨ ਬਾਰੇ ਵਿਚਾਰ ਕਰ ਰਹੇ ਹਨ।
ਉਨ੍ਹਾਂ ਆਖਿਆ ਕਿ ਸ਼ਹੀਦੀ ਯਾਦਗਾਰ ਬਣਾਉਣ ਦੇ ਫ਼ੈਸਲੇ ਨਾਲ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕੋਈ ਸਬੰਧ ਨਹੀਂ ਹੈ। ਸ਼੍ਰੋਮਣੀ ਕਮੇਟੀ ਕੋਲ ਵੱਡੇ ਪੱਧਰ ‘ਤੇ ਸਿੱਖ ਭਾਈਚਾਰੇ ਵੱਲੋਂ ਮੰਗ ਰੱਖੀ ਗਈ ਸੀ ਕਿ ਸਾਕਾ ਨੀਲਾ ਤਾਰਾ ਦੀ ਯਾਦ ਵਿਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸ਼ਹੀਦੀ ਯਾਦਗਾਰ ਬਣਾਈ ਜਾਵੇ। ਇਸ ਸਬੰਧੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਸਮੇਂ ਵਿਚ ਵੀ ਯਤਨ ਹੋਏ ਸਨ ਤੇ ਉਸ ਵੇਲੇ ਦੀ ਅੰਤਰਿੰਗ ਕਮੇਟੀ ਵੱਲੋਂ ਮਤਾ ਵੀ ਪਾਸ ਕੀਤਾ ਗਿਆ ਸੀ।
ਜਦੋਂ ਯਾਦਗਾਰ ਦੀ ਉਸਾਰੀ ਦਾ ਕੰਮ ਲਟਕ ਗਿਆ ਤਾਂ ਕਈ ਸਿੱਖ ਜਥੇਬੰਦੀਆਂ ਵੱਲੋਂ ਦੇਰੀ ‘ਤੇ ਨਾਰਾਜ਼ਗੀ ਜਤਾਉਂਦਿਆ ਰੋਸ ਪ੍ਰਦਰਸ਼ਨ ਵੀ ਕੀਤੇ ਗਏ ਸਨ। ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਕਮੇਟੀ ਨੇ 3 ਮਈ, 2012 ਨੂੰ ਅੰਤਰਿੰਗ ਕਮੇਟੀ ਦੀ ਮੀਟਿੰਗ ਵਿਚ ਯਾਦਗਾਰ ਦੀ ਉਸਾਰੀ ਦਾ ਫ਼ੈਸਲਾ ਲਿਆ ਸੀ। ਇਸ ਦੀ ਉਸਾਰੀ ਦੀ ਕਾਰ ਸੇਵਾ ਦਮਦਮੀ ਟਕਸਾਲ ਨੂੰ ਸੌਂਪੀ ਗਈ ਸੀ।
ਉਨ੍ਹਾਂ ਆਖਿਆ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਹਨ ਜਿਸ ਦੀ ਟਿਕਟ ‘ਤੇ ਚੋਣ ਜਿੱਤ ਕੇ ਉਹ ਇਸ ਧਾਰਮਿਕ ਸੰਸਥਾ ਦੇ ਮੈਂਬਰ ਬਣੇ ਹਨ ਪਰ ਇਸ ਧਾਰਮਿਕ ਸੰਸਥਾ ਦਾ ਸਿਆਸੀ ਪਾਰਟੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਆਖਿਆ ਕਿ ਸ਼ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਸੀਨੀਅਰ ਆਗੂ ਤੇ ਸਰਵਪ੍ਰਵਾਨਿਤ ਨੇਤਾ ਹਨ। ਉਨ੍ਹਾਂ ਬਾਰੇ ਇਸ ਬਾਰੇ ਕਿਸੇ ਵੀ ਤਰ੍ਹਾਂ ਦੇ ਦੋਸ਼ ਠੀਕ ਨਹੀਂ ਹਨ।
_______________________________________________
ਬਾਦਲਾਂ ਦੀ ਪੂਰੀ ਸਹਿਮਤੀ ਨਾਲ ਹੀ ਬਣੀ ਸੀ ਯਾਦਗਾਰ: ਕਾਂਗਰਸ
ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਾਕਾ ਨੀਲਾ ਤਾਰਾ ਸ਼ਹੀਦੀ ਯਾਦਗਾਰ ਦੇ ਮੁੱਦੇ ‘ਤੇ ਸਿਆਸਤ ਖੇਡ ਰਹੇ ਹਨ ਤੇ ਯਾਦਗਾਰ ਦੋਵਾਂ ਬਾਦਲਾਂ ਦੀ ਸਹਿਮਤੀ ਨਾਲ ਬਣੀ ਹੈ। ਸ਼ ਬਾਜਵਾ ਨੇ ਉਨ੍ਹਾਂ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦਾ ਇਕ ਹਿੱਸਾ ਹੈ ਤੇ ਅਕਾਲੀ ਦਲ ਵੱਲੋਂ ਆਪਣੇ ਸਿਆਸੀ ਹਿੱਤਾਂ ਲਈ ਇਸ ਨੂੰ ਮੰਚ ਵਜੋਂ ਵਰਤਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਕਮੇਟੀ ਦੇ ਜਨਰਲ ਹਾਊਸ ਦੇ ਮੈਂਬਰਾਂ ਵੱਲੋਂ ਨਹੀਂ ਚੁਣਿਆ ਜਾਂਦਾ ਸਗੋਂ ਪਿਛਲੇ ਕਈ ਸਾਲਾਂ ਤੋਂ ਸ਼ ਬਾਦਲ ਵੱਲੋਂ ਭੇਜੇ ਸੀਲ ਬੰਦ ਲਿਫਾਫੇ ਵਿਚੋਂ ਨਿਕਲੀ ਪਰਚੀ ਰਾਹੀਂ ਚੁਣਿਆ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਕੋਈ ਵੀ ਮੈਂਬਰ ਆਪਣੇ ਤੌਰ ‘ਤੇ ਫੈਸਲਾ ਲੈਣ ਲਈ ਆਜ਼ਾਦ ਨਹੀਂ ਹੈ।
Leave a Reply