ਟਾਈਟਲਰ ਨੂੰ ਕਲੀਨ ਚਿੱਟ ਨਹੀਂ ਦਿੱਤੀ: ਕੈਪਟਨ

ਚੰਡੀਗੜ੍ਹ: 1984 ਦੇ ਸਿੱਖ ਕਤਲੇਆਮ ਬਾਰੇ ਜਗਦੀਸ਼ ਟਾਈਟਲਰ ਨੂੰ ਕਾਂਗਰਸ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਲੀਨ ਚਿੱਟ ਦੇਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਭਾਜਪਾ ਉਮੀਦਵਾਰ ਅਰੁਣ ਜੇਤਲੀ ਨੇ ਕਿਹਾ ਕਿ ਕੈਪਟਨ ਪਾਪੀਆਂ ਦੇ ਵਕੀਲ ਬਣ ਰਹੇ ਹਨ ਜਦਕਿ ਇਸ ਦੀ ਸੱਚਾਈ ਦਾ ਪਤਾ ਲਾਉਣਾ ਨਿਆਂਪਾਲਿਕਾ ਤੇ ਜਾਂਚ ਤੰਤਰ ਦਾ ਕੰਮ ਹੈ। ਦੂਜੇ ਪਾਸੇ ਕਾਂਗਰਸ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਟਾਈਟਲਰ ਨੂੰ ਕਲੀਨ ਚਿੱਟ ਨਹੀਂ ਦਿੱਤੀ ਸਗੋਂ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਜਗਦੀਸ਼ ਟਾਈਟਲਰ ਸਮੇਤ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਦਿੱਤੀ ਹੈ ਤੇ ਇਸ ਬਾਰੇ ਫ਼ੈਸਲਾ ਅਦਾਲਤ ਨੇ ਕਰਨਾ ਹੈ। ਉਨ੍ਹਾਂ ਸਿਰਫ਼ ਇਹ ਕਿਹਾ ਸੀ ਕਿ ਦੰਗਿਆਂ ਦੀਆਂ ਘਟਨਾਵਾਂ ਤੋਂ ਬਾਅਦ ਜਦੋਂ ਉਹ ਪ੍ਰਭਾਵਿਤ ਖੇਤਰ ਵਿਚ ਗਏ ਸਨ ਤਾਂ ਉਸ ਵੇਲੇ ਕਿਸੇ ਨੇ ਵੀ ਜਗਦੀਸ਼ ਟਾਈਟਲਰ ਦਾ ਨਾਂ ਨਹੀਂ ਲਿਆ ਸੀ। ਉਨ੍ਹਾਂ ਕਿਹਾ ਕਿ ਉਹ ਪਿਛਲੇ 30 ਸਾਲਾਂ ਤੋਂ ਆਪਣੇ ਇਸ ਬਿਆਨ ‘ਤੇ ਖੜ੍ਹੇ ਹਨ ਤੇ ਪਹਿਲਾਂ ਕਦੇ ਅਕਾਲੀ-ਭਾਜਪਾ ਆਗੂਆਂ ਦੀ ਨੀਂਦ ਨਹੀਂ ਖੁੱਲ੍ਹੀ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਵਿਚ ਆਪਣੀ ਹਾਰ ਨੂੰ ਦੇਖਦਿਆਂ ਸੌੜੇ ਸਿਆਸੀ ਹਿੱਤਾਂ ਖ਼ਾਤਰ ਇਸ ਮੁੱਦੇ ‘ਤੇ ਲੋਕਾਂ ਨੂੰ ਭੜਕਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਉਧਰ, ਕਾਂਗਰਸ ਨੇ ਸਿੱਖ ਕਤਲੇਆਮ ਵਿਚ ਆਰæਐਸ਼ਐਸ਼, ਭਾਜਪਾ ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੇ ਚੋਣ ਏਜੰਟ ਦੇ ਨਾਂਵਾਂ ਨੂੰ ਘੜੀਸਿਆ ਹੈ ਤੇ ਲੋਕ ਸਭਾ ਚੋਣਾਂ ਵਿਚ ਜਿੱਤ ਲਈ ਭਾਜਪਾ-ਅਕਾਲੀ ਦਲ ਗੱਠਜੋੜ ‘ਤੇ ਮੁੱਦੇ ਨੂੰ ਸਿਆਸੀ ਰੰਗਤ ਦੇਣ ਦਾ ਦੋਸ਼ ਲਾਇਆ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ 1984 ਦੇ ਦੰਗਿਆਂ ਵਿਚ ਕਈ ਵਿਅਕਤੀਆਂ ਦੇ ਨਾਂ ਸ਼ਾਮਲ ਹਨ। ਇਸ ਮਾਮਲੇ ਵਿਚ ਆਰæਐਸ਼ਐਸ਼, ਭਾਜਪਾ, ਕਾਂਗਰਸ ਤੇ ਵੱਖ ਵੱਖ ਸੰਗਠਨਾਂ ਨੂੰ ਦੋਸ਼ੀ ਬਣਾਇਆ ਗਿਆ ਹੈ।
ਇਸ ਦੌਰਾਨ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੋਸ਼ ਲਾਇਆ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਸ੍ਰੀ ਜੇਤਲੀ ਵੀ ਦੋਸ਼ੀ ਹਨ, ਕਿਉਂਕਿ ਉਨ੍ਹਾਂ 2002 ਵਿਚ ਕੇਂਦਰੀ ਕਾਨੂੰਨ ਮੰਤਰੀ ਹੁੰਦਿਆਂ ਦੰਗਿਆਂ ਲਈ ਦੋਸ਼ੀ ਆਰæਐਸ਼ਐਸ਼ ਤੇ ਭਾਜਪਾ ਵਰਕਰਾਂ ਦੀ ਰਿਹਾਈ ਵਾਸਤੇ ਯਤਨ ਕੀਤਾ ਸੀ ਜਦਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਕਾ ਨੀਲਾ ਤਾਰਾ ਸਮੇਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਕੁਰਬਾਨੀ ਦਿੱਤੀ ਸੀ।

Be the first to comment

Leave a Reply

Your email address will not be published.