ਅੰਮ੍ਰਿਤਸਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਕਮ ਧਿਰ ਅਕਾਲੀ-ਭਾਜਪਾ ਗਠਜੋੜ ‘ਤੇ ਦੋਸ਼ ਲਾਇਆ ਕਿ ਇਸ ਨੇ ਵੋਟਰਾਂ ਨੂੰ ਭਰਮਾਉਣ ਲਈ ਧਨ ਤੇ ਤਾਕਤ ਦੀ ਦੁਰਵਰਤੋਂ ਕੀਤੀ ਹੈ। ਧਨ ਵਰਤਾਉਣ ਲਈ ਸਰਕਾਰੀ ਅਤੇ ਮੀਡੀਆ ਦੀਆਂ ਗੱਡੀਆਂ ਦੀ ਵਰਤੋਂ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਕਿ ਗੁਰਬਾਣੀ ਨਾਲ ਛੇੜ-ਛਾੜ ਦੇ ਮਾਮਲੇ ਵਿਚ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਮਿਸਾਲੀ ਤੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਗੁਰਬਾਣੀ ਨਾਲ ਛੇੜਛਾੜ ਕਰਨ ਦਾ ਹੀਆ ਨਾ ਕਰੇ।
ਸਾਬਕਾ ਮੁੱਖ ਮੰਤਰੀ ਨੇ ਭਾਜਪਾ ‘ਤੇ ਦੋਸ਼ ਲਾਇਆ ਕਿ ਚੋਣਾਂ ਦੌਰਾਨ ਆਪਣੀ ਹਾਰ ਦੇਖਦਿਆਂ ਵੋਟਰਾਂ ਨੂੰ ਭਰਮਾਉਣ ਲਈ ਨਜਾਇਜ਼ ਹੱਥਕੰਡੇ ਅਪਣਾਏ ਜਾ ਰਹੇ ਹਨ। ਇਕ ਉੱਚ ਪੁਲਿਸ ਅਧਿਕਾਰੀ ਨੇ ਸਰਕਾਰੀ ਐਂਬੂਲੈਂਸਾਂ ਅਤੇ ਮੀਡੀਆ ਦੀਆਂ ਗੱਡੀਆਂ ਇਕ ਰਾਹੀਂ ਪੈਸਾ ਇਕ ਤੋਂ ਦੂਜੀ ਥਾਂ ਭੇਜਿਆ ਹੈ। ਇਸੇ ਦੌਰਾਨ ਉਨ੍ਹਾਂ ਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ਵਿਚ ਉਨ੍ਹਾਂ ਨੇ ਅਕਾਲ ਤਖ਼ਤ ਦੇ ਜਥੇਦਾਰ ਸਮੇਤ ਪੰਜ ਸਿੰਘ ਸਾਹਿਬਾਨ ਨੂੰ ਕੀਤੀ ਅਪੀਲ ਵਿਚ ਸੱਤਵੇਂ ਗੁਰੂ ਦੇ ਜੀਵਨ ਕਾਲ ਦੌਰਾਨ ਵਾਪਰੀ ਘਟਨਾ ਦਾ ਹਵਾਲਾ ਦਿੱਤਾ ਅਤੇ ਆਖਿਆ ਕਿ ਗੁਰੂ ਸਾਹਿਬ ਨੇ ਗੁਰਬਾਣੀ ਨਾਲ ਛੇੜਛਾੜ ਦੇ ਮਾਮਲੇ ਵਿਚ ਆਪਣੇ ਪੁੱਤਰ ਨੂੰ ਵੀ ਨਹੀਂ ਸੀ ਬਖਸ਼ਿਆ।
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਪ੍ਰੋਫੈਸਰ ਦਰਬਾਰੀ ਲਾਲ ਬਾਰੇ ਉਨ੍ਹਾਂ ਆਖਿਆ ਕਿ ਉਸ ਦੀ ਇਕ ਇਮਾਰਤ ਦੀ ਉਸਾਰੀ ਨੂੰ ਨਜਾਇਜ਼ ਕਰਾਰ ਦਿੱਤਾ ਗਿਆ ਸੀ ਅਤੇ ਇਸੇ ਮਾਮਲੇ ਵਿਚ ਪਾਏ ਗਏ ਦਬਾਅ ਕਾਰਨ ਉਸ ਨੂੰ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣਾ ਪਿਆ।
Leave a Reply