ਅੰਮ੍ਰਿਤਸਰ: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਦੌਰਾਨ ਮਿਲੀ ਸਫਲਤਾ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦਾਅਵਾ ਕੀਤਾ ਹੈ ਕਿ 2017 ਵਿਚ ਸੂਬੇ ਵਿਚ ‘ਆਪ’ ਦੀ ਸਰਕਾਰ ਬਣੇਗੀ। ਉਹ ਇਥੇ ਪਾਰਟੀ ਦੇ ਜੇਤੂ ਲੋਕ ਸਭਾ ਮੈਂਬਰਾਂ ਤੇ ਚੋਣ ਲੜੇ ਹੋਰ ਆਗੂਆਂ ਨਾਲ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਏ ਸਨ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਸ੍ਰੀ ਕੇਜਰੀਵਾਲ ਨੇ ਆਖਿਆ ਕਿ ਪਾਰਟੀ ਨੂੰ ਪੰਜਾਬ ਵਿਚੋਂ ਚਾਰ ਲੋਕ ਸਭਾ ਸੀਟਾਂ ‘ਤੇ ਜਿੱਤ ਪ੍ਰਾਪਤ ਹੋਈ ਹੈ, ਜਿਸ ਤੋਂ ਸਪੱਸ਼ਟ ਹੈ ਕਿ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ‘ਆਪ’ ਨੂੰ ਸਮਰਥਨ ਦੇ ਕੇ ਸੂਬੇ ਵਿਚ ਭ੍ਰਿਸ਼ਟਾਚਾਰ, ਭਾਈ ਭਤੀਜਾਵਾਦ, ਨਸ਼ਿਆਂ ਦੇ ਵੱਧ ਰਹੇ ਕਾਰੋਬਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਇਸ ਤੋਂ ਪਹਿਲਾਂ ਲੋਕਾਂ ਕੋਲ ਕੋਈ ਬਦਲਾਅ ਨਹੀਂ ਸੀ ਤੇ ਹੁਣ ਲੋਕ ‘ਆਪ’ ਨੂੰ ਇਕ ਚੰਗੇ ਤੇ ਇਮਾਨਦਾਰ ਬਦਲਾਅ ਵਜੋਂ ਦੇਖ ਰਹੇ ਹਨ। ਇਸੇ ਲਈ ਪਾਰਟੀ ਨੂੰ ਦਿੱਲੀ ਤੋਂ ਬਾਅਦ ਪੰਜਾਬ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਇਸ ਹੁੰਗਾਰੇ ਨੂੰ ਆਜ਼ਾਦੀ ਦੀ ਦੂਜੀ ਲੜਾਈ ਦੀ ਸ਼ੁਰੂਆਤ ਕਰਾਰ ਦਿੰਦਿਆਂ ਆਖਿਆ ਕਿ ਪੰਜਾਬੀਆਂ ਨੇ ਆਜ਼ਾਦੀ ਦੀ ਲੜਾਈ ਵਿਚ ਵੀ ਭਰਵਾਂ ਹੁੰਗਾਰਾ ਦਿੱਤਾ ਸੀ ਤੇ ਹੁਣ ਆਜ਼ਾਦੀ ਦੀ ਦੂਜੀ ਲੜਾਈ ਵਿਚ ਵੀ ਭਰਵਾਂ ਸਹਿਯੋਗ ਮਿਲੇਗਾ। ਇਸ ਲੜਾਈ ਤਹਿਤ ‘ਆਪ’ ਪੰਜਾਬ ਨੂੰ ਨਸ਼ਾ ਮੁਕਤ ਤੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਏਗੀ, ਬੇਰੁਜ਼ਗਾਰੀ ਨੂੰ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਹੁਣ 2017 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਪਾਰਟੀ ਵੱਲੋਂ ਸੂਬੇ ਵਿਚ ਪੂਰਾ ਜ਼ੋਰ ਲਾਇਆ ਜਾਵੇਗਾ ਤੇ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਾਈ ਜਾਵੇਗੀ।
ਪਾਰਟੀ ਨੂੰ ਪੰਜਾਬ ਵਿਚ ਮਜ਼ਬੂਤ ਕਰਨ ਬਾਰੇ ਉਨ੍ਹਾਂ ਆਖਿਆ ਕਿ ਜਲਦੀ ਹੀ ਪਾਰਟੀ ਆਗੂ ਮਨੀਸ਼ ਸਿਸੋਦੀਆ ਤੇ ਜਰਨੈਲ ਸਿੰਘ ਸੂਬੇ ਦਾ ਦੌਰਾ ਕਰਨਗੇ। ਦੋਵੇਂ ਆਗੂ ਸੂਬੇ ਦੇ ਆਗੂਆਂ ਤੇ ਸਥਾਨਕ ਇਕਾਈਆਂ ਦੇ ਆਗੂਆਂ ਨਾਲ ਮੀਟਿੰਗ ਕਰਨਗੇ। ਉਨ੍ਹਾਂ ਵੱਲੋਂ ਸਮੁੱਚੀ ਸਥਿਤੀ ਬਾਰੇ ਰਿਪੋਰਟ ਦਿੱਤੀ ਜਾਵੇਗੀ, ਜਿਸ ਦੇ ਆਧਾਰ ‘ਤੇ ਪੰਜਾਬ ਵਿਚ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਲਈ ਰਣਨੀਤੀ ਬਣਾਈ ਜਾਵੇਗੀ ਤੇ ਢਾਂਚੇ ਦਾ ਗਠਨ ਕੀਤਾ ਜਾਵੇਗਾ। ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਕੇਜਰੀਵਾਲ ‘ਤੇ ਲਾਏ ਗਏ ਦੋਸ਼ਾਂ ਬਾਰੇ ਉਨ੍ਹਾਂ ਆਖਿਆ ਕਿ ‘ਆਪ’ ਅਜਿਹੀ ਸਿਆਸਤ ਵਿਚ ਹਿੱਸਾ ਨਹੀਂ ਲਵੇਗੀ, ਜਿਸ ਵਿਚ ਸਿਰਫ ਇਕ-ਦੂਜੇ ਖਿਲਾਫ਼ ਦੂਸ਼ਣਬਾਜ਼ੀ ਕੀਤੀ ਜਾਵੇ। ‘ਆਪ’ ਸਿਆਸਤ ਵਿਚ ਆ ਰਹੇ ਨਿਘਾਰ ਨੂੰ ਦੂਰ ਕਰਨ ਦੇ ਮੰਤਵ ਨਾਲ ਹੀ ਹੋਂਦ ਵਿਚ ਆਈ ਹੈ।
Leave a Reply