ਚੰਡੀਗੜ੍ਹ (ਪੰਜਾਬ ਟਾਈਮਜ਼ ਬਿਊਰੋ): ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੀ ਕੁਰਸੀ ਨੂੰ ਫਿਲਹਾਲ ਕੋਈ ਖਤਰਾ ਨਹੀਂ। ਲੋਕ ਸਭਾ ਚੋਣਾਂ ਵਿਚ ਮਾੜੇ ਪ੍ਰਦਰਸ਼ਨ ਮਗਰੋਂ ਸ਼ ਬਾਜਵਾ ਨੂੰ ਹਟਾਉਣ ਦੀ ਮੰਗ ਉੱਠੀ ਸੀ। ਪੰਜਾਬ ਦੇ ਕਈ ਵਿਧਾਇਕਾਂ ਨੇ ਹਾਈਕਮਾਨ ਨੂੰ ਪੱਤਰ ਲਿਖ ਕੇ ਬਾਜਵਾ ਦੇ ਅਸਤੀਫੇ ਦੀ ਮੰਗ ਕੀਤੀ ਸੀ। ਚਰਚਾ ਸੀ ਕਿ ਸ਼ ਬਾਜਵਾ ਦੀ ਛੁੱਟੀ ਹੋ ਸਕਦੀ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਵਿਚ ਵੱਡੀ ਜ਼ਿੰਮੇਵਾਰੀ ਮਿਲਣ ਕਰ ਕੇ ਸ਼ਾਇਦ ਕਾਂਗਰਸ ਹਾਈਕਮਾਨ ਸ਼ ਬਾਜਵਾ ਦੀ ਪ੍ਰਧਾਨਗੀ ਬਰਕਰਾਰ ਰੱਖਣਾ ਚਹੁੰਦੀ ਹੈ। ਕਾਂਗਰਸ ਹਾਈਕਮਾਨ ਨੇ ਸਾਫ਼ ਕਰ ਦਿੱਤਾ ਹੈ ਕਿ ਸ਼ ਬਾਜਵਾ ਨੂੰ ਨਹੀਂ ਬਦਲਿਆ ਜਾਵੇਗਾ। ਹਾਈਕਮਾਨ ਨੇ ਇਹ ਫ਼ੈਸਲਾ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਹੋਈ ਕਾਂਗਰਸ ਦੀ ਹਾਰ ਦੇ ਕਾਰਨਾਂ ਦਾ ਪਤਾ ਲਾਉਣ ਲਈ ਹਿਮਾਚਲ ਪ੍ਰਦੇਸ਼ ਦੇ ਮੰਤਰੀ ਧਨੀ ਰਾਮ ਸ਼ਾਂਡਿਲ ਦੀ ਅਗਵਾਈ ਹੇਠ ਬਣਾਈ ਤੱਥ ਖੋਜ ਕਮੇਟੀ ਦੀ ਰਿਪੋਰਟ ਦੀ ਪੜਚੋਲ ਕੀਤੇ ਬਿਨਾਂ ਹੀ ਲੈ ਲਿਆ ਹੈ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ਼ਕੀਲ ਅਹਿਮਦ ਨੇ ਸਪਸ਼ਟ ਕਰ ਦਿੱਤਾ ਹੈ ਕਿ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸ਼ ਬਾਜਵਾ ਨੂੰ ਬਦਲਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸ਼ ਬਾਜਵਾ ਬੜੇ ਪ੍ਰਪੱਕ ਆਗੂ ਹਨ ਤੇ ਪੰਜਾਬ ਕਾਂਗਰਸ ਦੀ ਅਗਵਾਈ ਯੋਗ ਢੰਗ ਨਾਲ ਕਰ ਰਹੇ ਹਨ। ਕਾਂਗਰਸ ਵਿਧਾਇਕ ਦਲ ਦੇ ਆਗੂ ਸੁਨੀਲ ਜਾਖੜ ਨੂੰ ਵੀ ਬਦਲਣ ਦੀ ਕੋਈ ਤਜਵੀਜ਼ ਨਹੀਂ। ਉਨ੍ਹਾਂ ਹਰ ਧਿਰ ਦਾ ਪੱਖ ਪੂਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੀ ਲੋਕ ਸਭਾ ਵਿਚ ਪਾਰਟੀ ਦੇ ਉਪ ਨੇਤਾ ਵਜੋਂ ਬਣਦੀ ਜ਼ਿੰਮੇਵਾਰੀ ਨਿਭਾਅ ਰਹੇ ਹਨ। ਉਂਜ ਉਨ੍ਹਾਂ ਮੰਨਿਆ ਕਿ ਸ਼ ਬਾਜਵਾ ਤੋਂ ਅਸਤੀਫ਼ਾ ਮੰਗਣ ਵਾਲੇ ਕੁਝ ਵਿਧਾਇਕਾਂ ਦਾ ਮਾਮਲਾ ਉਨ੍ਹਾਂ ਸਾਹਮਣੇ ਆਇਆ ਸੀ ਤੇ ਉਨ੍ਹਾਂ ਦੋਵਾਂ ਧਿਰਾਂ ਦੀ ਗਲਤਫਹਿਮੀ ਦੂਰ ਕਰਨ ਦਾ ਯਤਨ ਕੀਤਾ ਹੈ।
Leave a Reply