ਹਰਿਆਣਾ ਦੇ ਸਿੱਖ ਆਗੂਆਂ ਨੂੰ ਪੰਥ ਵਿਚੋਂ ਛੇਕਣ ਦਾ ਮਾਮਲਾ ਭਖਿਆ

ਅੰਮ੍ਰਿਤਸਰ: ਹਰਿਆਣਾ ਦੇ ਤਿੰਨ ਸਿੱਖ ਆਗੂਆਂ ਦੀਦਾਰ ਸਿੰਘ ਨਲਵੀ, ਜਗਦੀਸ਼ ਸਿੰਘ ਝੀਂਡਾ ਤੇ ਹਰਿਆਣਾ ਦੇ ਵਿੱਤ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਨੂੰ ਸਿੱਖ ਪੰਥ ਵਿਚੋਂ ਛੇਕਣ ਦੀ ਕਾਰਵਾਈ ਤੋਂ ਬਾਅਦ ਸਿੱਖ ਵਿਦਵਾਨਾਂ ਵਿਚ ਇਸ ਮਤ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ ਕਿ ਸ੍ਰੀ ਅਕਾਲ ਤਖ਼ਤ ਨੂੰ ਸਿਆਸੀ ਪ੍ਰਭਾਵ ਤੋਂ ਮੁਕਤ ਰੱਖਣਾ ਚਾਹੀਦਾ ਹੈ ਤਾਂ ਹੀ ਇਸ ਦੀ ਸਰਵਉਚਤਾ ਨੂੰ ਕਾਇਮ ਰੱਖਿਆ ਜਾ ਸਕਦਾ ਹੈ। ਕਈ ਸਿੱਖ ਵਿਦਵਾਨਾਂ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਹਰਿਆਣਾ ਦੇ ਸਿੱਖ ਆਗੂਆਂ ਨੂੰ ਪੰਥ ਵਿਚੋਂ ਛੇਕਣ ਦੀ ਕਾਰਵਾਈ ਨੂੰ ਕਾਹਲੀ ਨਾਲ ਦਿੱਤਾ ਫ਼ੈਸਲਾ ਕਰਾਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰਿਆਣਾ ਦੇ ਤਿੰਨ ਸਿੱਖ ਆਗੂਆਂ ਨੂੰ ਪੰਥ ਵਿਚੋਂ ਛੇਕਣ ਦੀ ਕਾਰਵਾਈ ਨੂੰ ਗੈਰ ਸਿਧਾਂਤਕ ਕਰਾਰ ਦਿੱਤਾ ਹੈ। ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਬਿਨਾ ਕਿਸੇ ਦਾ ਪੱਖ ਸੁਣਿਆ ਉਸ ਨੂੰ ਪੰਥ ਵਿਚੋਂ ਛੇਕਣ ਦਾ ਫੈਸਲਾ ਠੀਕ ਨਹੀਂ ਤੇ ਸਿੱਖ ਧਰਮ ਦੇ ਸਿਧਾਂਤ ਇਸ ਦੀ ਬਿਲਕੁਲ ਇਜਾਜ਼ਤ ਨਹੀਂ ਦਿੰਦੇ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਮਨਜੀਤ ਸਿੰਘ ਕਲਕੱਤਾ ਨੇ ਆਖਿਆ ਕਿ ਪਿਛਲੇ ਕੁਝ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਤੋਂ ਜਾਰੀ ਹੋ ਰਹੇ ਹੁਕਮਨਾਮੇ ਤੇ ਆਦੇਸ਼ਾਂ ਨਾਲ ਇਹ ਪ੍ਰਭਾਵ ਜਾ ਰਿਹਾ ਹੈ ਕਿ ਇਹ ਸਭ ਕੁਝ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਦੇ ਇਸ਼ਾਰੇ ‘ਤੇ ਹੋ ਰਿਹਾ ਹੈ। ਉਹ ਮਹਿਸੂਸ ਕਰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਮਾਮਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨੀ ਚਾਹੀਦੀ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਹਰਿਆਣਾ ਦੇ ਸਿੱਖਾਂ ਨੂੰ ਕਾਹਲੀ ਨਾਲ ਪੰਥ ਵਿਚੋਂ ਛੇਕਣ ਦੀ ਕਾਰਵਾਈ ਨਾਲ ਇਸ ਦੇ ਵੱਕਾਰ ਨੂੰ ਢਾਹ ਲੱਗੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਲੋਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਹੁਕਮਨਾਮਿਆਂ ਤੇ ਆਦੇਸ਼ਾਂ ਨੂੰ ਮਜ਼ਾਕ ਵਜੋਂ ਲਿਆ ਜਾ ਰਿਹਾ ਹੈ।
ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਆਖਿਆ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਕਾਹਲ ਨਾਲ ਕਾਰਵਾਈ ਹੋਈ ਹੈ।ਉਨ੍ਹਾਂ ਇਹ ਵੀ ਕਿਹਾ ਕਿ ਬੁੱਧੀਜੀਵੀ ਵਰਗ ਵਿਚ ਇਹ ਪ੍ਰਭਾਵ ਹੈ ਕਿ ਇਸ ਕਾਰਵਾਈ ਨਾਲ ਸ੍ਰੀ ਅਕਾਲ ਤਖ਼ਤ ਦੀ ਪ੍ਰਭੂਸੱਤਾ ਅਸਰਅੰਦਾਜ਼ ਹੋਈ ਹੈ। ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪਹਿਲਾਂ ਹੀ ਦਖਲ ਦੇ ਕੇ ਤੇ ਹਰਿਆਣਾ ਸਿੱਖਾਂ ਨੂੰ ਸੱਦ ਕੇ ਉਨ੍ਹਾਂ ਦੇ ਗਿਲੇ-ਸ਼ਿਕਵੇ ਦੂਰ ਕਰਨ ਦਾ ਯਤਨ ਕਰਨਾ ਚਾਹੀਦਾ ਸੀ। ਉਨ੍ਹਾਂ ਆਖਿਆ ਕਿ ਮਰਿਆਦਾ ਮੁਤਾਬਕ ਹਰਿਆਣਾ ਦੇ ਸਿੱਖਾਂ ਨੂੰ ਪਹਿਲਾਂ ਦੋਸ਼ ਪੱਤਰ ਭੇਜਿਆ ਜਾਣਾ ਚਾਹੀਦਾ ਸੀ ਤੇ ਉਨ੍ਹਾਂ ਦੇ ਉੱਤਰ ਦੀ ਉਡੀਕ ਕਰਨੀ ਚਾਹੀਦੀ ਸੀ। ਜੇਕਰ ਉਹ ਹਾਜ਼ਰ ਨਾ ਹੁੰਦੇ ਤੇ ਉੱਤਰ ਨਾ ਦਿੰਦੇ ਤਾਂ ਫਿਰ ਤਨਖਾਹੀਆ ਕਰਾਰ ਦੇਣਾ ਚਾਹੀਦਾ ਸੀ।
ਦਮਦਮੀ ਟਕਸਾਲ ਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ (ਧੁੰਮਾ) ਨੇ ਆਖਿਆ ਕਿ ਉਹ ਸ੍ਰੀ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ ਕੋਈ ਕਿੰਤੂ-ਪ੍ਰੰਤੂ ਨਹੀਂ ਕਰਨਗੇ। ਉਨ੍ਹਾਂ ਪੰਜ ਸਿੰਘ ਸਾਹਿਬਾਨ ਨੂੰ ਇਕ ਪੱਤਰ ਸੌਂਪ ਕੇ ਅਪੀਲ ਕੀਤੀ ਸੀ ਕਿ ਵੱਖਰੀ ਕਮੇਟੀ ਇਕ ਗੰਭੀਰ ਮਾਮਲਾ ਹੈ ਤੇ ਇਸ ਮਾਮਲੇ ਵਿਚ ਕਾਹਲ ਕਦਮੀ ਨਾ ਕੀਤੀ ਜਾਵੇ, ਜਿਸ ਨਾਲ ਪੰਥ ਦੋਫਾੜ ਹੋਵੇ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਵਿਚ ਵੱਖਰੀ ਕਮੇਟੀ ਦਾ ਮਾਮਲਾ ਪੰਜਾਬ ਦੇ ਸਿੱਖ ਆਗੂਆਂ ਵੱਲੋਂ ਕੀਤੀ ਗਈ ਢਿੱਲ-ਮੱਠ ਕਾਰਨ ਉਭਰਿਆ ਹੈ। ਜੇਕਰ ਇਸ ਮਾਮਲੇ ਵਿਚ ਸਮੇਂ ਸਿਰ ਕੋਈ ਫ਼ੈਸਲਾ ਲਿਆ ਜਾਂਦਾ ਤਾਂ ਇਸ ਸੰਕਟ ਨੂੰ ਹੱਲ ਕੀਤਾ ਜਾ ਸਕਦਾ ਸੀ। ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਭਗਵੰਤ ਸਿੰਘ ਨੇ ਆਖਿਆ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਹਰਿਆਣਾ ਦੇ ਸਿੱਖਾਂ ਨੂੰ ਪੰਥ ਵਿਚੋਂ ਛੇਕਣ ਦਾ ਫ਼ੈਸਲਾ ਗਲਤ ਹੈ। ਇਹ ਫ਼ੈਸਲਾ ਕਰਨ ਤੋਂ ਪਹਿਲਾਂ ਹਰਿਆਣਾ ਦੇ ਸਿੱਖ ਆਗੂਆਂ ਦਾ ਪੱਖ ਵੀ ਸੁਣਨਾ ਚਾਹੀਦਾ ਸੀ। ਉਨ੍ਹਾਂ ਆਖਿਆ ਕਿ ਇਸ ਫੈਸਲੇ ਨੂੰ ਮੁੜ ਤੋਂ ਵਿਚਾਰਨਾ ਚਾਹੀਦਾ ਹੈ ਕਿਉਂਕਿ ਇਹ ਸਿਧਾਂਤਾਂ ਦੇ ਅਨੂਕੂਲ ਨਹੀਂ ਹੈ।
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਤੋਂ ਕੋਈ ਵੀ ਫ਼ੈਸਲਾ ਕਾਹਲੀ ਵਿਚ ਨਹੀਂ ਹੋਣਾ ਚਾਹੀਦਾ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੀ ਸਲਾਹ ਵਾਸਤੇ ਇਕ ਸਲਾਹਕਾਰ ਬੋਰਡ ਦਾ ਗਠਨ ਹੋਣਾ ਚਾਹੀਦਾ ਹੈ, ਜਿਸ ਵਿਚ ਸਿੱਖ ਵਿਦਵਾਨ ਸ਼ਾਮਲ ਹੋਣ। ਉਹ ਪਹਿਲਾਂ ਸਾਰੇ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਤੇ ਇਸ ਤੋਂ ਬਾਅਦ ਹੀ ਅਗਲੀ ਕਾਰਵਾਈ ਹੋਵੇ।
ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਸਾਬਕਾ ਮੁਖੀ ਕਸ਼ਮੀਰ ਸਿੰਘ ਪੱਟੀ ਨੇ ਆਖਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਨੂੰ ਆਪਣੇ ਤੌਰ ‘ਤੇ ਹੁਕਮਨਾਮਾ ਜਾਰੀ ਕਰਨ ਦਾ ਕੋਈ ਹੱਕ ਨਹੀਂ ਹੈ। ਪਹਿਲੇ ਸਮਿਆਂ ਵਿਚ ਹੁਕਮਨਾਮਾ ਜਾਰੀ ਕਰਨ ਤੋਂ ਪਹਿਲਾਂ ਉਸ ਮਾਮਲੇ ਵਿਚ ਸਰਬੱਤ ਖਾਲਸਾ ਸੱਦ ਕੇ ਸਰਵ ਸਾਂਝੀ ਰਾਏ ਬਣਾਈ ਜਾਂਦੀ ਸੀ। ਅੱਜ ਮੁੜ ਉਸੇ ਪੁਰਾਤਨ ਰਵਾਇਤ ਨੂੰ ਸੁਰਜੀਤ ਕਰਨ ਦੀ ਲੋੜ ਹੈ।
_____________________
ਹੁਕਮਨਾਮੇ ‘ਤੇ ਮੁੜ ਵਿਚਾਰ ਦੀ ਅਪੀਲ ਖਾਰਜ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਹਰਿਆਣਾ ਦੇ ਤਿੰਨ ਸਿੱਖ ਆਗੂਆਂ ਹਰਮੋਹਿੰਦਰ ਸਿੰਘ ਚੱਠਾ, ਜਗਦੀਸ਼ ਸਿੰਘ ਝੀਂਡਾ ਤੇ ਦੀਦਾਰ ਸਿੰਘ ਨਲਵੀ ਨੂੰ ਸਿੱਖ ਪੰਥ ਵਿਚੋਂ ਛੇਕਣ ਦੇ ਫੈਸਲੇ ਉਤੇ ਨਜ਼ਰਸਾਨੀ ਨਹੀਂ ਹੋਵੇਗੀ। ਜਥੇਦਾਰ ਨੇ ਕਿਹਾ ਕਿ ਇਹ ਤਰਕ ਗਲਤ ਹਨ ਕਿ ਸਿੰਘ ਸਾਹਿਬਾਨ ਨੇ ਹਰਿਆਣਾ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਵਿਚ ਇਕਤਰਫਾ ਫੈਸਲਾ ਲਿਆ ਤੇ ਤਿੰਨਾਂ ਆਗੂਆਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਕਮੇਟੀ, ਕਈ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ ਤੇ ਹਰਿਆਣਾ ਦੇ ਹੀ ਕੁਝ ਸਿੱਖ ਸੰਗਠਨਾਂ ਦੀਆਂ ਅਪੀਲਾਂ ਉੱਪਰ ਤਿੰਨੇ ਆਗੂਆਂ ਖ਼ਿਲਾਫ਼ ਕਾਰਵਾਈ ਦਾ ਫੈਸਲਾ ਕੀਤਾ। ਅਕਾਲ ਤਖ਼ਤ ਦਾ ਨਿਰਦੇਸ਼ ਆਪਣੇ ਆਪ ਵਿਚ ਫਰਮਾਨ ਹੁੰਦਾ ਹੈ ਤੇ ਹਰ ਸੱਚੇ ਸਿੱਖ ਦਾ ਫਰਜ਼ ਬਣਦਾ ਹੈ ਕਿ ਸਿੱਖ ਪੰਥ ਨੂੰ ਵੰਡੀਆਂ ਤੋਂ ਬਚਾਉਣ ਤੇ ਸਿੱਖ ਸ਼ਕਤੀ ਨੂੰ ਖੇਰੂੰ-ਖੇਰੂੰ ਹੋਣ ਤੋਂ ਰੋਕਣ ਦਾ ਆਪਣਾ ਫਰਜ਼ ਨਿਭਾਏ।

Be the first to comment

Leave a Reply

Your email address will not be published.