ਚੰਡੀਗੜ੍ਹ (ਪੰਜਾਬ ਟਾਈਮਜ਼ ਬਿਊਰੋ): ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਉਤੇ ਭਾਈਵਾਲ ਭਾਜਪਾ ਦੇ ਦਖ਼ਲ ਨਾਲ ਬਰੇਕਾਂ ਲੱਗ ਗਈਆਂ ਹਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਧਾਰਮਿਕ ਮੁੱਦੇ ਨੂੰ ਵਰਤ ਕੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਪੰਥਕ ਅਕਸ ਉਭਾਰਨਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਧਰਮ ਯੁੱਧ ਮੋਰਚਾ ਲਾਉਣ ਦੀ ਤਿਆਰੀ ਵੀ ਕਰ ਲਈ ਸੀ ਅਤੇ ਇਸ ਬਾਰੇ ਐਲਾਨ 27 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਬੁਲਾਏ ਪੰਥਕ ਇਕੱਠ ਵਿਚ ਕੀਤਾ ਜਾਣਾ ਸੀ।
ਇਸ ਸਮਾਗਮ ਦੀਆਂ ਜੰਗੀ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਪਰ ਇਕ ਦਿਨ ਪਹਿਲਾਂ 26 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਹ ਸਮਾਗਮ ਰੱਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕੌਮ ਵਿਚ ਪੈਦਾ ਹੋ ਰਹੇ ਹਾਲਾਤ ਕਾਰਨ ਸਿੱਖ ਜਗਤ ਫਿਕਰਮੰਦ ਹੈ ਅਤੇ ਸਹਾਰਨਪੁਰ ਵਿਚ ਵਾਪਰੀ ਮੰਦਭਾਗੀ ਘਟਨਾ ਨੇ ਇਸ ਚਿੰਤਾ ਨੂੰ ਹੋਰ ਵਧਾ ਦਿੱਤਾ ਹੈ। ਅਜਿਹੇ ਮੁਸ਼ਕਲ ਸਮੇਂ ਨੂੰ ਧਿਆਨ ਵਿਚ ਰੱਖਦਿਆਂ ਤੇ ਸਿੱਖ ਕੌਮ ਵਿਚ ਪੈਦਾ ਹੋ ਰਹੇ ਆਪਸੀ ਟਕਰਾਅ ਨੂੰ ਹਰ ਹੀਲੇ ਰੋਕਣ ਦੇ ਮੰਤਵ ਨਾਲ ਸਮੂਹ ਸਿੱਖ ਧਿਰਾਂ ਨੂੰ ਉਨ੍ਹਾਂ ਕਾਨਫਰੰਸਾਂ ਰੱਦ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ 27 ਜੁਲਾਈ ਨੂੰ ਅੰਮ੍ਰਿਤਸਰ ਵਿਚ ਹੋਣ ਵਾਲੀ ਪੰਥਕ ਕਾਨਫਰੰਸ ਅਤੇ ਹਰਿਆਣਾ ਦੇ ਸਿੱਖ ਆਗੂਆਂ ਨੇ 28 ਜੁਲਾਈ ਨੂੰ ਕਰਨਾਲ ਵਿਖੇ ਹੋਣ ਵਾਲੇ ਸਿੱਖ ਸੰਮੇਲਨ ਨੂੰ ਰੱਦ ਕਰ ਦਿੱਤਾ। ਉਧਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੀ ਅੰਮ੍ਰਿਤਸਰ ਵਿਚ ਕੀਤੀ ਜਾਣ ਵਾਲੀ ਸਮਾਨੰਤਰ ਕਾਨਫਰੰਸ ਰੱਦ ਕਰ ਦਿੱਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇਨ੍ਹਾਂ ਹੁਕਮਾਂ ਦਾ ਸਾਰੀਆਂ ਧਿਰਾਂ ਵੱਲੋਂ ਸਵਾਗਤ ਕੀਤਾ ਗਿਆ ਪਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸ਼ ਬਾਦਲ ਨਾਲ ਗੱਲਬਾਤ ਕਰਨ ਲਈ ਭੇਜੇ ਦੂਤ ਸ਼ਾਂਤਾ ਕੁਮਾਰ ਨੇ ਇਹ ਖੁਲਾਸਾ ਕਰ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਦੀ ਸਲਾਹ ‘ਤੇ ਮੋਰਚਾ ਨਾ ਲਾਉਣ ਦਾ ਫੈਸਲਾ ਕੀਤਾ ਹੈ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਕਿਸੇ ਤਰ੍ਹਾਂ ਦੇ ਦਬਾਅ ਤੋਂ ਇਨਕਾਰ ਕਰ ਰਿਹਾ ਹੈ ਪਰ ਸਿਆਸੀ ਹਲਕਿਆਂ ਵਿਚ ਇਸ ਗੱਲ ਦੀ ਚਰਚਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮਾਗਮ ਤੋਂ ਕੁਝ ਘੰਟੇ ਪਹਿਲਾਂ ਹੀ ਕਿਉਂ ਦਖਲ ਦਿੱਤਾ ਗਿਆ।
ਸਿਆਸੀ ਹਲਕਿਆਂ ਵਿਚ ਇਸ ਗੱਲ ਦੀ ਚਰਚਾ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ‘ਤੇ ਲਾਏ ਜਾ ਰਹੇ ਮੋਰਚੇ ਦੇ ਪ੍ਰੋਗਰਾਮ ਨੂੰ ਰੱਦ ਕਰਨ ਲਈ ਦਬਾਅ ਪਾਇਆ ਗਿਆ ਹੈ। ਪਾਰਟੀ ਦੀ ਪੰਜਾਬ ਮਾਮਲਿਆਂ ਬਾਰੇ ਕਮੇਟੀ ਦੇ ਮੁਖੀ ਸ਼ਾਂਤਾ ਕੁਮਾਰ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੋਰਚੇ ਦਾ ਫੈਸਲਾ ਤਿਆਗਣ ਲਈ ਰਾਜ਼ੀ ਕੀਤਾ ਹੈ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਾਹਲੀ-ਕਾਹਲੀ ਵਿਚ ਪੰਜ ਰਾਜਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਨਵੀਂ ਦਿੱਲੀ ਅਤੇ ਉਤਰਾਖੰਡ ਨਾਲ ਸਬੰਧਤ ਸੰਸਦ ਮੈਂਬਰਾਂ ਨੂੰ ਨਾਸ਼ਤੇ ‘ਤੇ ਬੁਲਾ ਕੇ ਮੀਟਿੰਗ ਕੀਤੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ‘ਤੇ ਪੈਦਾ ਹੋਈ ਸਥਿਤੀ ਬਾਰੇ ਜਾਣਕਾਰੀ ਲਈ। ਸੂਤਰਾਂ ਮੁਤਾਬਕ ਸ਼ਾਂਤਾ ਕੁਮਾਰ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਵਿਨੋਦ ਖੰਨਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅੰਦੋਲਨ ਮੁਲਤਵੀ ਕਰਨ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ। ਸ਼ਾਂਤਾ ਕੁਮਾਰ ਅਨੁਸਾਰ ਸ਼ ਬਾਦਲ ਨੂੰ ਸਪਸ਼ਟ ਕੀਤਾ ਗਿਆ ਹੈ ਕਿ ਜਦੋਂ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜ੍ਹੀ ਹੀ ਹੈ ਤਾਂ ਅੰਦੋਲਨ ਦੀ ਕੋਈ ਤੁਕ ਨਹੀਂ ਰਹਿ ਜਾਂਦੀ।
ਭਾਜਪਾ ਦੇ ਦਬਾਅ ਅੱਗੇ ਝੁਕਦਿਆਂ ਸ਼ ਬਾਦਲ ਨੇ ਹੁਣ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦੇ ਮੁੱਦੇ ‘ਤੇ ਹਰਿਆਣਾ ਸਰਕਾਰ ਖ਼ਿਲਾਫ਼ ਵਿਧਾਨਕ ਤੇ ਕਾਨੂੰਨੀ ਕਾਰਵਾਈ ਲਈ ਗੇਂਦ ਕੇਂਦਰ ਸਰਕਾਰ ਦੇ ਪਾਲੇ ਵਿਚ ਸੁੱਟ ਦਿੱਤੀ ਹੈ। ਸ਼ ਬਾਦਲ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਨੂੰ ਬਰਖ਼ਾਸਤ ਕਰਨ ਜਾਂ ਨਾ ਕਰਨ ਬਾਰੇ ਫ਼ੈਸਲਾ ਵੀ ਕੇਂਦਰ ਨੇ ਤੈਅ ਕਰਨਾ ਹੈ। ਸ਼ ਬਾਦਲ ਅਨੁਸਾਰ ਵੱਖਰੀ ਕਮੇਟੀ ਦੇ ਮੁੱਦੇ ‘ਤੇ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਹੋਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਅਗਲੀ ਕਾਰਵਾਈ ਉਨ੍ਹਾਂ ਨੇ ਹੀ ਕਰਨੀ ਹੈ।
Leave a Reply