ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਹੁੱਡਾ ਦੀ ਹਮਾਇਤ ਦਾ ਐਲਾਨ

ਚੰਡੀਗੜ੍ਹ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਖਾਸ ਤੌਰ ‘ਤੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਵਿਧਾਨ ਸਭਾ ਚੋਣਾਂ ਵਿਚ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਕੁਰੂਕਸ਼ੇਤਰ ਦੇ ਡੇਰਾ ਕਾਰ ਸੇਵਾ ਵਿਚ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕੀਤਾ ਗਿਆ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਨੇ ਪਾਸ ਕੀਤੇ ਮਤੇ ਵਿਚ ਕਿਹਾ ਹੈ ਕਿ ਮੁੱਖ ਮੰਤਰੀ ਹੁੱਡਾ ਨੇ ਹਰਿਆਣਾ ਦੇ ਸਿੱਖਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਵੱਖਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਮੰਗ ਨੂੰ ਪੂਰਾ ਕਰਨ ਵਿਚ ਮੋਹਰੀ ਭੂਮਿਕਾ ਨਿਭਾਈ ਹੈ, ਇਸ ਕਰਕੇ ਸੂਬੇ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਹਰਿਆਣਾ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ਕਾਰਜਕਾਰਨੀ ਵਿਚ ਕੁੱਲ ਚਾਰ ਮਤੇ ਪਾਸ ਕੀਤੇ ਗਏ ਹਨ। ਸੁਪਰੀਮ ਕੋਰਟ ਵਿਚ ਚੱਲ ਰਹੇ ਕੇਸ ਦੀ ਪੈਰਵੀ ਕਰਨ ਦੇ ਅਧਿਕਾਰ ਕਮੇਟੀ ਦੇ ਪ੍ਰਧਾਨ ਝੀਂਡਾ ਨੂੰ ਦਿੱਤੇ ਗਏ ਹਨ। ਇਕ ਹੋਰ ਮਤੇ ਰਾਹੀ ਪੰਜਾਬ ਪੁਲਿਸ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਸੰਤ ਬਲਜੀਤ ਸਿੰਘ ਦਾਦੂਵਾਲ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਕਾਬਲੇ ਛੋਟੀ ਕਮੇਟੀ ਹੈ ਪਰ ਇਸ ਦੀ ਕਾਰਜਕਾਰਨੀ ਦੇ ਮੈਂਬਰ ਦਾ ਸਤਿਕਾਰ ਹੋਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਦਾਦੂਵਾਲ ਨੂੰ ਰਿਹਾਅ ਕੀਤਾ ਜਾਵੇ।
ਵੱਖਰੀ ਕਮੇਟੀ ਨੇ ਇਕ ਹੋਰ ਮਤੇ ਵਿਚ ਪੰਜਾਬ ਸਰਕਾਰ ਸਮੇਤ ਹੋਰ ਸੂਬਾ ਸਰਕਾਰਾਂ ਕੋਲੋਂ ਮੰਗ ਕੀਤੀ ਹੈ ਕਿ ਕੈਦ ਕੱਟ ਚੁੱਕੇ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ। ਅਨੇਕਾਂ ਕੈਦੀ ਆਪਣੀਆਂ ਸਜ਼ਾਵਾਂ ਕੱਟ ਚੁੱਕੇ ਹਨ ਪਰ ਉਨ੍ਹਾਂ ਨੂੰ ਰਾਜਨੀਤਕ ਕਾਰਨਾਂ ਕਰਕੇ ਰਿਹਾਅ ਨਹੀਂ ਕੀਤਾ ਜਾ ਰਿਹਾ ਤੇ ਉਨ੍ਹਾਂ ਵਿਰੁੱਧ ਛੋਟੇ-ਮੋਟੇ ਕੇਸ ਦਰਜ ਕਰਕੇ ਜੇਲ੍ਹਾਂ ਵਿਚ ਰੱਖਿਆ ਜਾ ਰਿਹਾ ਹੈ। ਦੂਜੇ ਬੰਨੇ ਬਲੈਕ ਕੈਟ ਪਿੰਕੀ ਨੂੰ ਪੰਜਾਬ ਸਰਕਾਰ ਨੇ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਰਿਹਾਅ ਕਰ ਦਿੱਤਾ ਹੈ।

Be the first to comment

Leave a Reply

Your email address will not be published.