ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਦੇ ਚੋਣ ਨਤੀਜੇ ਅਕਾਲੀ-ਭਾਜਪਾ ਗੱਠਜੋੜ ਲਈ ਵੀ ਫੈਸਲਾਕੁਨ ਸਾਬਤ ਹੋ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਸਬੰਧਾਂ ਦਰਮਿਆਨ ਹਰਿਆਣਾ ਦੀ ਚੋਣ ਵੱਡੇ ਪਾੜੇ ਦਾ ਆਧਾਰ ਬਣਦੀ ਜਾ ਰਹੀ ਹੈ। ਪੰਜਾਬ ਵਿਚ ਤੀਜੀ ਵਾਰੀ ਸੱਤਾ ਚਲਾ ਰਹੇ ਗੱਠਜੋੜ ਦਰਮਿਆਨ 17 ਸਾਲਾਂ ਦੇ ਰਾਜਸੀ ਸਫ਼ਰ ਦੌਰਾਨ ਇਸ ਵਾਰੀ ਔਖਾ ਦੌਰ ਚੱਲ ਰਿਹਾ ਹੈ। ਭਾਜਪਾ ਦੇ ਆਗੂਆਂ ਦਾ ਦੱਸਣਾ ਹੈ ਕਿ ਹਾਈਕਮਾਨ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਨਿਭਾਈ ਜਾ ਰਹੀ ਭੂਮਿਕਾ ਦਾ ਨੋਟਿਸ ਲੈਣਾ ਸ਼ੁਰੂ ਕਰ ਦਿੱਤਾ ਹੈ।
ਭਾਜਪਾ ਦਾ ਮੰਨਣਾ ਹੈ ਕਿ ਗੁਆਂਢੀ ਸੂਬੇ ਦੀਆਂ ਚੋਣਾਂ ਦੌਰਾਨ ਅਕਾਲੀ ਦਲ ਮਹਿਜ਼ ਆਪਣੇ ਹਿੱਸੇ ਦੇ ਦੋ ਵਿਧਾਨ ਸਭਾ ਹਲਕਿਆਂ ਤੱਕ ਹੀ ਸੀਮਤ ਨਹੀਂ ਬਲਕਿ ਤਕਰੀਬਨ 40 ਸੀਟਾਂ ਉੱਤੇ ਇੰਡੀਅਨ ਨੈਸ਼ਨਲ ਲੋਕ ਦਲ ਦੀ ਹਰ ਤਰ੍ਹਾਂ ਨਾਲ ਕੀਤੀ ਜਾ ਰਹੀ ਮਦਦ ਭਾਜਪਾ ਨੂੰ ਇਸ ਵਾਰੀ ਕੁਝ ਜ਼ਿਆਦਾ ਹੀ ਰੜਕਣ ਲੱਗੀ ਹੈ। ਸੂਤਰਾਂ ਮੁਤਾਬਕ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਪੰਜਾਬ ਦੇ ਪੁਲਿਸ ਤੇ ਸਿਵਲ ਅਫ਼ਸਰਾਂ ਵੱਲੋਂ ਹਰਿਆਣਾ ਚੋਣਾਂ ਵਿਚ ਨਿਭਾਈ ਜਾ ਰਹੀ ਭੂਮਿਕਾ ਦੇ ਮਾਮਲੇ ‘ਤੇ ਸੂਬਾਈ ਆਗੂਆਂ ਨੂੰ ਚੌਕਸ ਕੀਤਾ ਹੈ। ਸੂਤਰਾਂ ਦਾ ਦੱਸਣਾ ਹੈ ਕਿ ਕੇਂਦਰੀ ਖ਼ੁਫ਼ੀਆ ਏਜੰਸੀਆਂ ਨੇ ਸੂਬੇ ਦੇ ਕੁਝ ਪੁਲਿਸ ਤੇ ਸਿਵਲ ਅਧਿਕਾਰੀਆਂ ‘ਤੇ ਹਰਿਆਣਾ ਵਿਚ ਇੰਡੀਅਨ ਨੈਸ਼ਨਲ ਲੋਕ ਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਮਦਦ ਲਈ ਜ਼ਿਆਦਾ ਸਰਗਰਮ ਹੋਣ ਦੇ ਤੱਥ ਕੇਂਦਰ ਸਰਕਾਰ ਨੂੰ ਦਿੱਤੇ ਹਨ।
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ਼ਾਂਤਾ ਕੁਮਾਰ ਜੋ ਭਾਜਪਾ ਦੀ ਪੰਜਾਬ ਮਾਮਲਿਆਂ ਬਾਰੇ ਕਮੇਟੀ ਦੇ ਮੁਖੀ ਹਨ, ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਇੰਡੀਅਨ ਨੈਸ਼ਨਲ ਲੋਕ ਦਲ ਦੀ ਹਮਾਇਤ ਇਸ ਤੋਂ ਪਹਿਲਾਂ ਵਿਧਾਨ ਸਭਾ ਤੇ ਲੋਕ ਸਭਾ ਦੀਆਂ ਚੋਣਾਂ ਦਰਮਿਆਨ ਵੀ ਕੀਤੀ ਸੀ ਪਰ ਲੋਕ ਸਭਾ ਚੋਣਾਂ ਤੋਂ ਬਾਅਦ ਹਰਿਆਣਾ ਦਾ ਰਾਜਸੀ ਦ੍ਰਿਸ਼ ਬਦਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਭਾਜਪਾ ਪਹਿਲਾਂ ਨਾਲੋਂ ਪੈਰਾਂ ਸਿਰ ਹੈ। ਪੰਜਾਬ ਵਿਚ ਗੱਠਜੋੜ ਦੇ ਸਬੰਧਾਂ ‘ਤੇ ਪੈਣ ਵਾਲੇ ਅਸਰ ਦੀ ਗੱਲ ਕਰਦਿਆਂ ਭਾਜਪਾ ਦੇ ਇਸ ਸੀਨੀਅਰ ਆਗੂ ਨੇ ਕਿਹਾ ਕਿ ਪਾਰਟੀ ਵੱਲੋਂ ਸਾਰੇ ਹਾਲਾਤ ਉੱਤੇ ਨਜ਼ਰ ਰੱਖੀ ਜਾ ਰਹੀ ਹੈ
ਪਾਰਟੀ ਦੇ ਇਕ ਹੋਰ ਆਗੂ ਦਾ ਕਹਿਣਾ ਹੈ ਕਿ ਪੰਜਾਬ ਦੇ ਕੁਝ ਅਫ਼ਸਰਾਂ ਖਾਸ ਕਰ ਪੁਲਿਸ ਅਫ਼ਸਰਾਂ ਵੱਲੋਂ ਹਰਿਆਣਾ ਵਿਚ ਸਰਗਰਮੀ ਦਿਖਾਈ ਜਾ ਰਹੀ ਹੈ। ਇਸ ਦਾ ਭਾਜਪਾ ਹਾਈਕਮਾਨ ਨੇ ਸਖ਼ਤ ਨੋਟਿਸ ਲਿਆ ਹੈ। ਪੰਜਾਬ ਨਾਲ ਲੱਗਦੀ ਹਰਿਆਣਾ ਦੀ ਸਰਹੱਦ ‘ਤੇ ਪੈਂਦੇ ਵਿਧਾਨ ਸਭਾ ਹਲਕਿਆਂ ਵਿਚ ਪੰਜਾਬ ਦੇ ਅਫ਼ਸਰ ਸਰਗਰਮ ਦੱਸੇ ਗਏ ਹਨ। ਭਾਜਪਾ ਸੂਤਰਾਂ ਮੁਤਾਬਕ ਪਾਰਟੀ ਦੀ ਪੰਜਾਬ ਇਕਾਈ ਦੇ ਇਕ ਸੀਨੀਅਰ ਆਗੂ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਦਿੱਲੀ ਬੁਲਾ ਕੇ ਅਫ਼ਸਰਾਂ ਦੀਆਂ ਗਤੀਵਿਧੀਆਂ ਬਾਰੇ ਸੁਚੇਤ ਕਰਦਿਆਂ ਅਕਾਲੀ ਦਲ ਨਾਲ ਗੱਲ ਕਰਨ ਲਈ ਵੀ ਕਿਹਾ ਹੈ।
ਇਹ ਜ਼ਿਕਰਯੋਗ ਹੈ ਕਿ ਪੰਜਾਬ ਵਿਚ ਅਗਲੇ ਮਹੀਨੇ ਮਿਉਂਸਪਲ ਕਮੇਟੀਆਂ ਦੀਆਂ ਚੋਣਾਂ ਵੀ ਹੋਣੀਆਂ ਹਨ। ਇਨ੍ਹਾਂ ਚੋਣਾਂ ਦੌਰਾਨ ਵੀ ਗੱਠਜੋੜ ਪਾਰਟੀਆਂ ਵਿਚ ਕੁੜੱਤਣ ਵਧ ਸਕਦੀ ਹੈ। ਕੇਂਦਰ ਵਿਚ ਭਾਜਪਾ ਦੇ ਮਜ਼ਬੂਤ ਹੋਣ ਨਾਲ ਸਬੰਧਾਂ ਵਿਚ ਲਗਾਤਾਰ ਕੁੜੱਤਣ ਵਧ ਰਹੀ ਹੈ। ਭਾਜਪਾ ਦੇ ਇਕ ਮੰਤਰੀ ਵੱਲੋਂ ਸਰਕਾਰ ਨੂੰ ਲਗਾਤਾਰ ਅੱਖਾਂ ਦਿਖਾਈਆਂ ਜਾ ਰਹੀਆਂ ਹਨ। ਇਸ ਮੰਤਰੀ ਵੱਲੋਂ ਆਪਣੇ ਤੌਰ ‘ਤੇ ਫੈਸਲੇ ਲਏ ਜਾ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਅਕਾਲੀ ਦਲ ਨੇ ਭਾਜਪਾ ਦੀ ਅੰਦਰੂਨੀ ਖਾਨਾਜੰਗੀ ਨੂੰ ਵੀ ਹਵਾ ਦੇਣੀ ਸ਼ੁਰੂ ਕਰ ਦਿੱਤੀ ਹੈ।
______________________________________________
ਸਾਡੀ ਭਾਈਵਾਲੀ ਉਤੇ ਅਸਰ ਨਹੀਂ ਪਵੇਗਾ: ਬਾਦਲ
ਮੁਹਾਲੀ: ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਗੁਆਂਢੀ ਸੂਬੇ ਵਿਚ ਅਕਾਲੀ ਦਲ ਦੇ ਇਨੈਲੋ ਨਾਲ ਗੱਠਜੋੜ ਦਾ ਪੰਜਾਬ ਵਿਚ ਭਾਜਪਾ ਦੇ ਸਾਲਾਂ ਬੱਧੀ ਰਿਸ਼ਤੇ ‘ਤੇ ਕੋਈ ਅਸਰ ਨਹੀਂ ਪਵੇਗਾ ਸਗੋਂ ਆਉਣ ਵਾਲੇ ਸਮੇਂ ਵਿਚ ਇਹ ਰਿਸ਼ਤਾ ਹੋਰ ਵੀ ਮਜ਼ਬੂਤ ਹੋਵੇਗਾ। ਹਰਿਆਣਾ ਵਿਚ ਇਨੈਲੋ ਨਾਲ ਮਿਲ ਕੇ ਸਾਂਝੇ ਤੌਰ ‘ਤੇ ਚੋਣਾਂ ਲੜੀਆਂ ਜਾਣਗੀਆਂ। ਅਕਾਲੀ ਦਲ ਦਾ ਇਕੋ ਇਕ ਨਿਸ਼ਾਨਾ ਹੈ ਕਿ ਹਰਿਆਣਾ ਵਿਚੋਂ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮਿਲਣ ਜਾਣ ਦੇ ਮੁੱਦੇ ‘ਤੇ ਅਕਾਲੀ ਦਲ ਦਾ ਉਨ੍ਹਾਂ ਦੀ ਭਾਈਵਾਲ ਪਾਰਟੀ ਭਾਜਪਾ ਦੀ ਲੀਡਰਸ਼ਿਪ ਨਾਲ ਕੋਈ ਮਤਭੇਦ ਨਹੀਂ ਹੈ। ਉਂਜ ਉਨ੍ਹਾਂ ਆਖਿਆ ਕਿ ਪੰਜਾਬ ਦੇ ਵਿਕਾਸ ਤੇ ਖੁਸ਼ਹਾਲੀ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮਿਲਣ ਜਾਣ ਵਾਸਤੇ ਉਨ੍ਹਾਂ ਨੂੰ ਕਿਸੇ ਭਾਜਪਾ ਆਗੂ ਨੂੰ ਆਪਣੇ ਨਾਲ ਲਿਜਾਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਦੋਵਾਂ ਪਾਰਟੀਆਂ ਦੇ ਚੁਣੇ ਹੋਏ ਸਰਬਪ੍ਰਵਾਨਿਤ ਆਗੂ ਹਨ ਤੇ ਮੁੱਖ ਮੰਤਰੀ ਹੁੰਦਿਆਂ ਉਹ ਦੋਵੇਂ ਪਾਰਟੀਆਂ ਦੀ ਨੁਮਾਇੰਦਗੀ ਕਰਦੇ ਹਨ।
____________________________________________
ਦੋਗਲੀ ਨੀਤੀ ‘ਤੇ ਚੱਲ ਰਹੇ ਨੇ ਬਾਦਲ: ਅਮਰਿੰਦਰ
ਚੰਡੀਗੜ੍ਹ: ਲੋਕ ਸਭਾ ਵਿਚ ਕਾਂਗਰਸ ਧਿਰ ਦੇ ਉਪ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕਿਹਾ ਹੈ ਕਿ ਸਪੱਸ਼ਟ ਕੀਤਾ ਜਾਵੇ ਕਿ ਉਹ ਸਿਆਸਤ ਲੋਕਾਂ ਦੇ ਹਿੱਤ ਪੂਰੇ ਕਰਨ ਲਈ ਕਰਦੇ ਹਨ ਜਾਂ ਆਪਣੇ ਪਰਿਵਾਰ ਦੇ ਹਿੱਤਾਂ ਦੀ ਪੂਰਤੀ ਲਈ ਹੀ ਰਾਜ ਕਰਦੇ ਹਨ। ਕੈਪਟਨ ਨੇ ਕਿਹਾ ਕਿ ਸ਼ ਬਾਦਲ ਹੈਰਾਨੀ ਭਰੇ ਢੰਗ ਨਾਲ ਦਾਅਵੇ ਕਰ ਰਹੇ ਹਨ ਕਿ ਉਨ੍ਹਾਂ ਦੇ ਚੌਟਾਲਿਆਂ ਨਾਲ ਹਰਿਆਣਾ ਵਿਚ ਪਰਿਵਾਰਕ ਸਬੰਧ ਹੋਣ ਕਾਰਨ ਉਨ੍ਹਾਂ ਨੂੰ ਭਾਜਪਾ ਦਾ ਵਿਰੋਧ ਕਰਨਾ ਪੈ ਰਿਹਾ ਹੈ। ਕੈਪਟਨ ਨੇ ਕਿਹਾ ਕਿ ਸ਼ ਬਾਦਲ ਅਜਿਹਾ ਕਰਕੇ ਇਕੋ ਵੇਲੇ ਦੋ ਬੇੜੀਆਂ ‘ਤੇ ਸਵਾਰ ਹੋ ਰਹੇ ਹਨ। ਉਨ੍ਹਾਂ ਸ਼ ਬਾਦਲ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਚੌਟਾਲਿਆਂ ਨਾਲ ਵਿਅਕਤੀਗਤ ਤੇ ਪਰਿਵਾਰਕ ਸਬੰਧ ਹਨ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਦੀ ਗੱਦੀ ਤਿਆਗ ਕੇ ਉਨ੍ਹਾਂ ਲਈ ਪ੍ਰਚਾਰ ਕਰਨ ਦੀ ਹਿੰਮਤ ਦਿਖਾਉਣ। ਬਾਦਲ ਤੇ ਸ੍ਰੀ ਚੌਟਾਲਾ ਪੰਜਾਬ ਤੇ ਹਰਿਆਣਾ ਵਿਚਾਲੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਗੰਭੀਰ ਮੁੱਦਿਆਂ ‘ਤੇ ਆਪਸ ਵਿਚ ਵਿਰੋਧ ਰੱਖਦੇ ਹਨ। ਕੈਪਟਨ ਨੇ ਕਿਹਾ ਕਿ ਜੀਂਦ ਦੀ ਰੈਲੀ ਵਿਚ ਸ਼ ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖ਼ਿਲਾਫ਼ ਜ਼ਹਿਰ ਉਗਲ ਰਹੇ ਨਿਤੀਸ਼ ਕੁਮਾਰ ਤੇ ਸ਼ਰਦ ਯਾਦਵ ਵਰਗੇ ਆਗੂਆਂ ਨਾਲ ਮੰਚ ਸਾਂਝਾ ਕੀਤਾ ਹੈ।
Leave a Reply