ਨਸ਼ਿਆਂ ਦੀ ਤਸਕਰੀ ਰੋਕਣ ਲਈ ਹੁਣ ਪੁਲਿਸ ਅਫ਼ਸਰਾਂ ਨੂੰ ਹਦਾਇਤਾਂ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੁਲਿਸ ਅਧਿਕਾਰੀਆਂ ਅਤੇ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਸਵੀਕਾਰ ਕੀਤਾ ਹੈ ਕਿ ਪੰਜਾਬ ਵਿਚ ਨਸ਼ਿਆਂ ਦਾ ਪ੍ਰਭਾਵ ਮੁੜ ਤੋਂ ਵਧਣ ਲੱਗਾ ਹੈ। ਤਰਨ ਤਾਰਨ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰਾਂ ਤੇ ਪੁਲਿਸ ਮੁਖੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨਸ਼ਿਆਂ ਦੀ ਸਮਗਲਿੰਗ ‘ਤੇ ਕਾਬੂ ਪਾਉਣ ਦੀਆਂ ਹਦਾਇਤਾਂ ਦਿੱਤੀਆਂ। ਨਸ਼ਿਆਂ ਦੇ ਮੁੱਦੇ ‘ਤੇ ਪਾਰਟੀ ਪ੍ਰਧਾਨ ਨੇ ਜਿੱਥੇ ਪੁਲਿਸ ਅਫ਼ਸਰਾਂ ਨੂੰ ਤਾੜਨਾ ਕੀਤੀ, ਉਥੇ ਅਕਾਲੀ ਆਗੂਆਂ ਨੂੰ ਵੀ ਇਸ ਮਾਮਲੇ ‘ਤੇ ਸੁਚੇਤ ਰਹਿਣ ਦੀਆਂ ਹਦਾਇਤਾਂ ਦਿੱਤੀਆਂ।

ਇਸ ਮੀਟਿੰਗ ਵਿਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ, ਦੋਹਾਂ ਜ਼ਿਲ੍ਹਿਆਂ ਦੇ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਸਨ। ਸ਼੍ਰੋਮਣੀ ਅਕਾਲੀ ਦਲ ਵਿਚ ਇਸ ਤਰ੍ਹਾਂ ਦੀ ਤਬਦੀਲੀ ਭਾਜਪਾ ਵੱਲੋਂ ਵਧਾਏ ਜਾ ਰਹੇ ਦਬਾਅ ਤੋਂ ਬਾਅਦ ਦੇਖਣ ਨੂੰ ਮਿਲ ਰਹੀ ਹੈ। ਪਾਰਟੀ ਪ੍ਰਧਾਨ ਵੱਲੋਂ ਮੀਟਿੰਗ ਦੌਰਾਨ ਅਜਿਹੇ ਮੁੱਦਿਆਂ ‘ਤੇ ਹੀ ਧਿਆਨ ਕੇਂਦਰਤ ਕੀਤਾ ਗਿਆ ਜਿਨ੍ਹਾਂ ਮੁੱਦਿਆਂ ‘ਤੇ ਲੋਕਾਂ ਵਿਚ ਸਰਕਾਰ ਪ੍ਰਤੀ ਨਾਰਾਜ਼ਗੀ ਹੈ। ਇਨ੍ਹਾਂ ਮੁੱਦਿਆਂ ‘ਤੇ ਹੀ ਸਰਕਾਰ ਵਿਚ ਭਾਈਵਾਲ ਭਾਰਤੀ ਜਨਤਾ ਪਾਰਟੀ ਵੱਲੋਂ ਠਿੱਠ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ, ਤਰਨ ਤਾਰਨ ਦੇ ਜ਼ਿਲ੍ਹਾ ਪੁਲਿਸ ਮੁਖੀ ਮਨਮੋਹਨ ਸ਼ਰਮਾ ਅਤੇ ਅੰਮ੍ਰਿਤਸਰ (ਦਿਹਾਤੀ) ਦੇ ਐਸ਼ਐਸ਼ਪੀæ ਜਸਪ੍ਰੀਤ ਸੈਣੀ ਨੂੰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਸ਼ਿਆਂ ਬਾਰੇ ਹਰ ਮਹੀਨੇ ਸਮੀਖਿਆ ਕੀਤੀ ਜਾਵੇਗੀ। ਮੀਟਿੰਗ ਵਿਚ ਮੌਜੂਦ ਇੱਕ ਸੀਨੀਅਰ ਅਕਾਲੀ ਆਗੂ ਨੇ ਦੱਸਿਆ ਕਿ ਪਾਰਟੀ ਆਗੂਆਂ ਨੂੰ ਵੀ ਨਸ਼ਿਆਂ ਦੇ ਸੌਦਾਗਰਾਂ ਤੋਂ ਦੂਰ ਰਹਿਣ ਦੀ ਤਾੜਨਾ ਕੀਤੀ ਗਈ ਹੈ। ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਕਿ ਦਫ਼ਤਰਾਂ ਵਿਚ ਹਰ ਕੰਮ ਲਈ ਲੋਕਾਂ ਨੂੰ ਰਿਸ਼ਵਤ ਦੇਣੀ ਪੈਂਦੀ ਹੈ। ਅਕਾਲੀ ਆਗੂਆਂ ਨੇ ਕੁੱਝ ਅਫ਼ਸਰਾਂ ‘ਤੇ ਲੋਕ ਮਸਲਿਆਂ ਵੱਲ ਧਿਆਨ ਨਾ ਦੇਣ ਦਾ ਮਾਮਲਾ ਵੀ ਮੀਟਿੰਗ ਵਿਚ ਉਠਾਇਆ। ਉਪ ਮੁੱਖ ਮੰਤਰੀ ਨੇ ਜ਼ਿਲ੍ਹਾ ਪੁਲਿਸ ਅਤੇ ਸਿਵਲ ਅਫ਼ਸਰਾਂ ਨੂੰ ਕਿਹਾ ਕਿ ਹਾਕਮ ਪਾਰਟੀ ਦੇ ਆਗੂਆਂ ਨੂੰ ਦਫ਼ਤਰਾਂ ਵਿਚ ਬੁਲਾ ਕੇ ਤਾਲਮੇਲ ਰੱਖਿਆ ਜਾਵੇ। ਹਾਕਮ ਪਾਰਟੀ ਦੇ ਆਗੂਆਂ ਦੀਆਂ ਸਿਫਾਰਿਸ਼ਾਂ ਮੰਨਣ ਲਈ ਵੀ ਹਦਾਇਤਾਂ ਦਿੱਤੀਆਂ। ਅਫ਼ਸਰਾਂ ਨੂੰ ਅਕਾਲੀਆਂ ਨਾਲ ਤਾਲਮੇਲ ਵਧਾਉਣ ਤੇ ਸਰਕਾਰ ਦਾ ਅਕਸ ਸੁਧਾਰਨ ਦੀਆਂ ਹਦਾਇਤਾਂ ਦਿੱਤੀਆਂ।
ਉਧਰ, ਸ਼ ਸੁਖਬੀਰ ਸਿੰਘ ਬਾਦਲ ਵੱਲੋਂ ਬੁਲਾਈ ਮੀਟਿੰਗ ਵਿਚ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨਹੀਂ ਪੁੱਜੇ। ਪਾਰਟੀ ਵੱਲੋਂ ਅੰਮ੍ਰਿਤਸਰ ਅਤੇ ਤਰਨਤਾਰਨ ਤੇ ਸਮੁੱਚੇ ਅਕਾਲੀ ਆਗੂਆਂ ਨੂੰ ਬੁਲਾਇਆ ਗਿਆ ਸੀ। ਪਾਰਟੀ ਹਲਕਿਆਂ ਮੁਤਾਬਕ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਸ਼ ਕੈਰੋਂ ਅਕਸਰ ਹੀ ਪਾਰਟੀ ਪ੍ਰਧਾਨ ਵੱਲੋਂ ਬੁਲਾਈਆਂ ਜਾਂਦੀਆਂ ਮੀਟਿੰਗਾਂ ਵਿਚੋਂ ਗੈਰ-ਹਾਜ਼ਰ ਹੁੰਦੇ ਹਨ।

Be the first to comment

Leave a Reply

Your email address will not be published.