ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਦੇ ਵਿਰੋਧ ਦੇ ਬਾਵਜੂਦ ਨਾਨਕਸ਼ਾਹੀ ਕੈਲੰਡਰ ਨੂੰ ਬਿਕਰਮੀ ਕੈਲੰਡਰ ਵਿਚ ਤਬਦੀਲ ਕਰਨ ਵਿਰੁੱਧ ਡਟੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਅਹੁਦੇ ਤੋਂ ਲਾਂਭੇ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਆਪਣੇ ਫੈਸਲੇ ‘ਤੇ ਅਟੱਲ ਹੈ। ਸ਼੍ਰੋਮਣੀ ਕਮੇਟੀ ਵੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਅੱਗੇ ਬੇਵੱਸ ਨਜ਼ਰ ਆ ਰਹੀ ਹੈ।
ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੇ ਅਗਾਊਂ ਹੀ ਦਸਤਖ਼ਤ ਹਾਸਲ ਕਰਨ ਲਈ ਮੁਹਿੰਮ ਵੀ ਚਲਾਈ ਗਈ ਹੈ ਪਰ ਕਮੇਟੀ ਦੇ ਦੋ ਮੈਂਬਰਾਂ ਨੇ ਇਹ ਫ਼ਾਰਮ ਭਰਨ ਤੋਂ ਨਾਂਹ ਕਰ ਦਿੱਤੀ ਗਈ ਹੈ ਜਿਸ ਪਿੱਛੋਂ ਸਿੱਖ ਜਥੇਬੰਦੀਆਂ ਵਿਚ ਹਾਕਮ ਧਿਰ ਦੀ ਇਸ ਪ੍ਰਸਤਾਵਿਤ ਯੋਜਨਾ ਖ਼ਿਲਾਫ਼ ਰੋਹ ਭੜਕ ਪਿਆ ਹੈ। ਇਸ ਬਾਰੇ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਆਪਣੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 17 ਜਨਵਰੀ ਨੂੰ ਸੱਦੀ ਹੈ।
ਸਿੱਖ ਜਥੇਬੰਦੀਆਂ ਦਾ ਦੋਸ਼ ਹੈ ਕਿ ਇਹ ਸਭ ਨਾਨਕਸਰ ਸੰਪਰਦਾ ਤੇ ਸੰਤ ਸਮਾਜ ਨੂੰ ਖੁਸ਼ ਕਰਨ ਲਈ ਹੋ ਰਿਹਾ ਹੈ ਕਿਉਂਕਿ ਜਥੇਦਾਰ ਨੰਦਗੜ੍ਹ ਨੇ ਸੰਤ ਸਮਾਜ ਵਲੋਂ ਨਾਨਕਸ਼ਾਹੀ ਕੈਲੰਡਰ ਨੂੰ ਮੁੜ ਬਿਕਰਮੀ ਵਿਚ ਬਦਲਣ ਦੇ ਫ਼ੈਸਲੇ ਦਾ ਨਾ ਸਿਰਫ ਸਖ਼ਤ ਵਿਰੋਧ ਕੀਤਾ, ਸਗੋਂ ਸੰਤ ਸਮਾਜ ਉੱਤੇ ਅਜਿਹਾ ਆਰæਐਸ਼ਐਸ਼ ਦੇ ਇਸ਼ਾਰੇ ‘ਤੇ ਕਰਨ ਦਾ ਦੋਸ਼ ਲਾਇਆ ਹੈ। ਇਸ ਬਾਰੇ ਸੰਤ ਸਮਾਜ ਦੀਆਂ ਕਈ ਮੀਟਿੰਗ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਾਲ ਹੋ ਚੁੱਕੀਆਂ ਹਨ ਤੇ ਸੰਤ ਸਮਾਜ ਇਸ ਕੜੀ ਤਹਿਤ ਕੈਲੰਡਰ ਨੂੰ ਬਿਕਰਮੀ ਵਿਚ ਤਬਦੀਲ ਕਰਨ ਲਈ ਰਸਮੀ ਤੌਰ ‘ਤੇ ਇਕ ਮੰਗ ਪੱਤਰ ਵੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪ ਚੁੱਕੀ ਹੈ। ਇਸ ਦੌਰਾਨ ਪੰਥਕ ਤਾਲਮੇਲ ਦਲ ਦੇ ਮੁਖੀ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਆਖਿਆ ਕਿ ਜਥੇਦਾਰ ਨੰਦਗੜ੍ਹ ਨੂੰ ਇਸ ਤਰੀਕੇ ਨਾਲ ਹਟਾਉਣਾ ਠੀਕ ਨਹੀਂ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਇਸ ਮਸਲੇ ਨੂੰ ਹੱਲ ਕਰਨ ਲਈ ਪੰਥਕ ਰੀਤ ਮੁਤਾਬਕ ਗੱਲਬਾਤ ਕਰਨੀ ਚਾਹੀਦੀ ਹੈ। ਦਲ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਆਖਿਆ ਕਿ ਉਹ ਅਜਿਹੀ ਗੁਸਤਾਖ਼ੀ ਨਾ ਕਰਨ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਚਿਤਾਵਨੀ ਦਿੱਤੀ ਕਿ ਜੇ ਜਥੇਦਾਰ ਨੰਦਗੜ੍ਹ ਨੂੰ ਹਟਾਇਆ ਗਿਆ ਤਾਂ ਉਹ ਇਹ ਮਾਮਲਾ ਸੁਪਰੀਮ ਕੋਰਟ ਵਿਚ ਲੈ ਕੇ ਜਾਣਗੇ।
ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਸਾਥੀ ਜਥੇਦਾਰ ਦੇ ਨਾਲ ਇਸ ਔਖੇ ਵੇਲੇ ਖੜ੍ਹੇ ਹੋਣ ਤੇ ਉਨ੍ਹਾਂ ਨੂੰ ਅਪਮਾਨਤ ਕਰ ਕੇ ਅਹੁਦੇ ਤੋਂ ਫਾਰਗ ਕਰਨ ਦੀ ਪਿਰਤ ਨੂੰ ਰੋਕਣ ਲਈ ਦ੍ਰਿੜ੍ਹ ਸਟੈਂਡ ਲੈਣ। ਜੇ ਸ਼੍ਰੋਮਣੀ ਕਮੇਟੀ ਜਥੇਦਾਰ ਨੂੰ ਹਟਾਉਣ ਦਾ ਆਪ-ਹੁਦਰਾ ਤੇ ਰਾਜਨੀਤੀ ਤੋਂ ਪ੍ਰੇਰਿਤ ਫ਼ੈਸਲਾ ਕਰਦੀ ਹੈ ਤਾਂ ਇਸ ਨਾਲ ਪੰਥਕ ਹਲਕਿਆਂ ਵਿਚ ਗੁੱਸੇ ਦੀ ਲਹਿਰ ਦੌੜੇਗੀ।