ਇਸ਼ਤਿਹਾਰ, ਜਮਹੂਰੀਅਤ ਅਤੇ ਹਕੀਕਤ

ਦਲਜੀਤ ਅਮੀ
ਫੋਨ: +91-97811-21873
ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਾ ਹਕੀਕੀ ਰੁਤਬਾ ਭਾਵੇਂ ਨੀਮ-ਸੂਬਾ ਸਰਕਾਰ ਵਰਗਾ ਹੋਵੇ, ਪਰ ਇਸ ਦੇ ਹਵਾਲੇ ਨਾਲ ਚਰਚਾ ਠੋਸ ਮੁੱਦਿਆਂ ਉਤੇ ਹੋ ਰਹੀ ਹੈ। ਪਿਛਲੇ ਦਿਨਾਂ ਵਿਚ ਦਿੱਲੀ ਸਰਕਾਰ ਦੇ ਇਸ਼ਤਿਹਾਰ ਨਸ਼ਰ ਹੋਏ ਤਾਂ ਬਹਿਸ ਸ਼ੁਰੂ ਹੋ ਗਈ ਕਿ ਕਿਸ ਤਰ੍ਹਾਂ ਦਾ ਅਕਸ ਪੇਸ਼ ਕੀਤਾ ਜਾ ਰਿਹਾ ਹੈ, ਤੇ ਕੀ ਸੁਨੇਹਾ ਦਿੱਤਾ ਜਾ ਰਿਹਾ ਹੈ।

ਨਿਖੇਧੀ ਕਰਨ ਵਾਲਿਆਂ ਵਿਚ ਵਿਚਾਰਾਂ ਦੀ ਵੰਨ-ਸਵੰਨਤਾ ਦੇ ਨਾਲ-ਨਾਲ ਪਿਛਲੇ ਦਿਨੀਂ ਆਮ ਆਦਮੀ ਪਾਰਟੀ (ਆਪ) ਤੋਂ ਤੋੜ-ਵਿਛੋੜਾ ਕਰਨ ਵਾਲਿਆਂ ਤੋਂ ਲੈ ਕੇ ਹਰ ਵੰਨਗੀ ਦੇ ਸਿਆਸੀ ਸ਼ਰੀਕ ਅਤੇ ਆਲੋਚਕ ਸ਼ਾਮਿਲ ਸਨ। ਇਨ੍ਹਾਂ ਸਭ ਨੂੰ ਬਹਿਸ ਵਿਚ ਸ਼ਾਮਿਲ ਹੋਣਾ ਹੀ ਚਾਹੀਦਾ ਹੈ, ਪਰ ਇਨ੍ਹਾਂ ਦੀਆਂ ਦਲੀਲਾਂ ਵਿਚੋਂ ਸੱਜਰੀਆਂ ਸੱਟਾਂ ਦਾ ਸੇਕ ਅਤੇ ਮੌਕਾਪ੍ਰਸਤੀ ਨੂੰ ਜ਼ਰੂਰ ਪੜ੍ਹਿਆ ਜਾਵੇਗਾ। ਦਲੀਲਾਂ ਕੁਝ ਨੁਕਤਿਆਂ ਦੁਆਲੇ ਘੁੰਮਦੀਆਂ ਹਨ: ਜਦੋਂ ਖ਼ਜ਼ਾਨੇ ਦੀ ਹਾਲਤ ਖਸਤਾ ਹੈ ਤਾਂ ਇਸ਼ਤਿਹਾਰਾਂ ਉਤੇ ਕਿਉਂ ਲੁਟਾਇਆ ਜਾ ਰਿਹਾ ਹੈ? ਜਮਹੂਰੀਅਤ ਦੇ ਦੂਜੇ ਇਨਕਲਾਬ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਇਕ ਵਿਅਕਤੀ ਤੱਕ ਕਿਉਂ ਸਿਮਟ ਰਹੀ ਹੈ? ਹੁਣ ਆਮ ਆਦਮੀ ਪਾਰਟੀ ਦੀ ਅੰਦਰੂਨੀ ਜਮਹੂਰੀਅਤ ਨੂੰ ਕਿਵੇਂ ਸਮਝਿਆ ਜਾਵੇ? ਇਸ਼ਤਿਹਾਰਾਂ ਵਿਚ ਲੋਕ ਹਿੱਤ ਦੀ ਜਾਣਕਾਰੀ ਦੀ ਥਾਂ ਕੇਜਰੀਵਾਲ ਦੀਆਂ ਤਸਵੀਰਾਂ ਜਾਂ ਕੇਜਰੀਵਾਲ ਮੁਖੀ ਵਿਚਾਰਾਂ ਨੂੰ ਕਿਉਂ ਤਰਜੀਹ ਮਿਲੀ ਹੈ?
ਇਹ ਸੁਆਲ ਪੁਰਾਣੇ ਅਤੇ ਅਹਿਮ ਹਨ। ਸਰਕਾਰਾਂ ਦੀਆਂ ਇਸ਼ਤਿਹਾਰੀ ਮੁਹਿੰਮਾਂ ਦਾ ਇਤਿਹਾਸ ਪ੍ਰਚਾਰ (ਪ੍ਰਾਪੇਗੰਡਾ) ਤੋਂ ਲੋਕ ਸੰਪਰਕ ਮਹਿਕਮਿਆਂ ਤੱਕ ਪਹੁੰਚਿਆ ਹੈ। ਪ੍ਰਚਾਰ ਨੂੰ ਲੋਕ ਸੰਪਰਕ ਦਾ ਨਾਮ ਹਿਟਲਰ ਦੀ ਆਦਮਖ਼ੋਰ ਕਾਰਗੁਜ਼ਾਰੀ ਤੋਂ ਬਾਅਦ ਬਦਨਾਮੀ ਦੇ ਦਾਗ਼ ਤੋਂ ਬਚਣ ਲਈ ਦਿੱਤਾ ਗਿਆ ਸੀ। ਇਸ ਮਸ਼ਕ ਤਹਿਤ ਮਹਿਕਮੇ ਦੇ ਖ਼ਾਸੇ ਨੂੰ ਤਬਦੀਲ ਕਰਨ ਦਾ ਕੋਈ ਉਪਰਾਲਾ ਵਿਉਂਤਿਆ ਤੱਕ ਨਹੀਂ ਗਿਆ ਸੀ। Ḕਇਕ ਝੂਠ ਨੂੰ ਸੌ ਵਾਰ ਬੋਲੋ ਤਾਂ ਲੋਕ ਸੱਚ ਮੰਨ ਲੈਂਦੇ ਹਨ’ ਵਾਲੀ ਧਾਰਨਾ ਸਰਕਾਰਾਂ ਦੇ ਲੋਕ ਸੰਪਰਕ ਮਹਿਕਮਿਆਂ ਦਾ ਮੂਲਮੰਤਰ ਹੈ। ਇਸੇ ਮੂਲਮੰਤਰ ਨੂੰ Ḕਭਰੋਸਾਯੋਗਤਾ’ ਦਾ ਜਾਮਾ ਪਹਿਨਾਉਣ ਲਈ ਨਿੱਜੀ ਇਸ਼ਤਿਹਾਰਬਾਜ਼ੀ ਉਦਮ Ḕਸਿਰਜਣਾਤਮਕਤਾ’ ਦਾ ਤੜਕਾ ਲਗਾਉਂਦਾ ਹੈ। ਨਤੀਜੇ ਵਜੋਂ ਹਰ ਸਰਕਾਰੀ ਪਹਿਲਕਦਮੀ ਨੂੰ ਲੋਕਾਂ ਦੀਆਂ ਦੁਸ਼ਵਾਰੀਆਂ ਨਾਲ ਜੋੜ ਕੇ ਪੇਸ਼ ਕੀਤਾ ਜਾਂਦਾ ਹੈ। ਇਸੇ ਦੌਰਾਨ ਆਗੂਆਂ ਦਾ ਅਕਸ ਉਭਾਰਨ ਲਈ ਹਰ ਠੋਸ, ਵਿਉਂਤੀ ਜਾਂ ਖ਼ਿਆਲੀ ਪਹਿਲਕਦਮੀ ਦਾ ਸਿਹਰਾ ਉਨ੍ਹਾਂ ਸਿਰ ਬੰਨ੍ਹਿਆ ਜਾਂਦਾ ਹੈ। ਸਿਆਸੀ ਆਗੂ ਨੂੰ ਜਮਹੂਰੀਅਤ ਦੀ ਬੋਲੀ ਵਿਚ ਪੈਗੰਬਰੀ ਰੁਤਬਾ ਦੇਣਾ ਇਨ੍ਹਾਂ ਇਸ਼ਤਿਹਾਰਾਂ ਦਾ ਅਣ-ਐਲਾਨਿਆ ਮਕਸਦ ਹੋ ਨਿਬੜਦਾ ਹੈ। ਮੌਕੇ ਮੁਤਾਬਕ ਚੋਣਵੇਂ ਤੱਥਾਂ ਦਾ ਚੇਤਾ ਕਰਵਾ ਕੇ ਲੋਕ ਰਾਏ ਉਸਾਰਨਾ ਇਸ਼ਤਿਹਾਰਾਂ ਦੀ ਮੰਡੀ ਨੂੰ ਕਾਇਮ ਰੱਖਦਾ ਹੈ।
ਦਿੱਲੀ ਸਰਕਾਰ ਦੇ ਇਸ਼ਤਿਹਾਰਾਂ ਦੇ ਹਵਾਲੇ ਨਾਲ ਸਾਹਮਣੇ ਆਏ ਸੁਆਲ ਜਮਹੂਰੀਅਤ ਲਈ ਸਦਾ ਅਹਿਮ ਰਹੇ ਹਨ। ਜਦੋਂ ਆਈਨਸਟਾਈਨ Ḕਜਾਣਕਾਰ ਆਵਾਮ ਨੂੰ ਸੁਰੱਖਿਆ ਦੀ ਕੁੰਜੀ’ ਵਜੋਂ ਪੇਸ਼ ਕਰਦਾ ਹੈ ਤਾਂ ਸਰਕਾਰੀ ਇਸ਼ਤਿਹਾਰ ਮੁਹਿੰਮਾਂ ਦੀ ਪੜਚੋਲ ਜ਼ਰੂਰੀ ਹੋ ਜਾਂਦੀ ਹੈ। ਪਿਛਲੇ ਸਾਲਾਂ ਵਿਚ ਸਰਕਾਰੀ ਅਤੇ ਸਿਆਸੀ ਇਸ਼ਤਿਹਾਰਾਂ ਵਿਚ ਆਗੂਆਂ ਦੀ ਤਸਵੀਰਾਂ ਵੱਡੀਆਂ ਹੁੰਦੀਆਂ ਗਈਆਂ ਹਨ ਅਤੇ ਜਾਣਕਾਰੀ ਕੰਨੀਆਂ ਤੱਕ ਮਹਿਦੂਦ ਹੁੰਦੀ ਹੋਈ ਸੰਖੇਪ ਤੋਂ ਸੰਖੇਪ ਹੋ ਗਈ ਹੈ। ਗੱਠਜੋੜ ਵਾਲੀਆਂ ਸਿਆਸੀ ਪਾਰਟੀਆਂ ਵਿਚ ਇਹ ਤਕਰਾਰ ਦਾ ਮੁੱਦਾ ਬਣਦਾ ਹੈ ਕਿ ਇਸ਼ਤਿਹਾਰਾਂ ਵਿਚ ਆਗੂਆਂ ਦੀਆਂ ਤਸਵੀਰਾਂ ਵਿਚ ਨੁਮਾਇੰਦਗੀ ਕਿਵੇਂ ਤੈਅ ਕੀਤੀ ਜਾਵੇਗੀ। ਪੰਜਾਬ ਦੇ ਬਾਦਲਾਂ, ਕਸ਼ਮੀਰ ਦੇ ਅਬਦੁੱਲਿਆਂ, ਹਰਿਆਣੇ ਦੇ ਚੌਟਾਲਿਆਂ ਜਾਂ ਹੁੱਡਿਆਂ ਅਤੇ ਕਾਂਗਰਸੀ ਦੇ ਗਾਂਧੀ ਪਰਿਵਾਰ, ਭਾਜਪਾ ਦੇ ਸਾਬਕਾ ਆਗੂਆਂ ਜਾਂ ਸਿਧਾਂਤਕਾਰਾਂ ਦੀਆਂ ਇਸ਼ਤਿਹਾਰੀ ਤਸਵੀਰਾਂ ਇਸੇ ਮਸ਼ਕ ਦੀ ਵੰਨ-ਸਵੰਨਤਾ ਨੂੰ ਪੇਸ਼ ਕਰਦੀਆਂ ਹਨ। ਇਸੇ ਕੜੀ ਵਿਚ ਹੋਰ ਖੇਤਰੀ ਅਤੇ ਕੇਂਦਰੀ ਪਾਰਟੀਆਂ ਦੇ ਨਾਲ ਸੂਬਾ ਸਰਕਾਰਾਂ ਦੀਆਂ ਮਿਸਾਲਾਂ ਦਿੱਤੀਆਂ ਜਾ ਸਕਦੀਆਂ ਹਨ।
ਭਾਖੜਾ ਬੰਨ੍ਹ ਦੇ ਪੰਜਾਹ ਸਾਲਾ ਮੌਕੇ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਆਪਣੇ ਪਿਤਾ ਦੀਆਂ ਤਸਵੀਰਾਂ ਇਸ਼ਤਿਹਾਰਾਂ ਵਿਚ ਛਪਵਾ ਕੇ ਆਪਣੇ ਪਰਿਵਾਰਕ ਪਿਛੋਕੜ ਦੀ ਦਾਅਵੇਦਾਰੀ ਪੇਸ਼ ਕਰਦੇ ਹਨ। ਇਸੇ ਤਰ੍ਹਾਂ ਦੁਸ਼ਯੰਤ ਚੌਟਾਲਾ ਦੇ ਚੋਣ ਪ੍ਰਚਾਰ ਵਿਚ ਉਸ ਦੇ ਪਿਉ, ਦਾਦੇ ਅਤੇ ਪੜਦਾਦੇ ਦੀਆਂ ਤਸਵੀਰਾਂ ਛਪਦੀਆਂ ਹਨ। ਪੰਜਾਬ ਵਿਚ ਹਾਲੇ ਸਿਆਸਤਦਾਨਾਂ ਦੀ ਤੀਜੀ ਪੀੜ੍ਹੀ ਮੂਹਰਲੀ ਸਫ਼ ਵਿਚ ਨਹੀਂ ਆਈ, ਪਰ ਇਸ ਦੀਆਂ ਕਨਸੋਆਂ ਪੈ ਰਹੀਆਂ ਹਨ। ਸਰਕਾਰੀ ਇਸ਼ਤਿਹਾਰਾਂ ਵਿਚ ਸਿਆਸੀ ਆਗੂਆਂ ਦੀਆਂ ਤਸਵੀਰਾਂ ਹਰ ਯੋਜਨਾ ਤਹਿਤ ਵੰਡੇ ਗਏ ਸਮਾਨ ਉਤੇ ਹੁੰਦੀਆਂ ਹਨ। ਜਦੋਂ ਕਿਸੇ ਮਹਿਕਮੇ ਦਾ ਮੰਤਰੀ ਬਦਲ ਜਾਂਦਾ ਹੈ ਤਾਂ ਸਭ ਤੋਂ ਪਹਿਲਾ ਸੁਆਲ ਚਾਲੂ ਯੋਜਨਾਵਾਂ ਦੀ ਪੇਸ਼ਕਾਰੀ ਵਿਚ ਤਸਵੀਰਾਂ ਬਦਲਣ ਦਾ ਆਉਂਦਾ ਹੈ। ਪੰਜਾਬ ਵਿਚ ਸਿਹਤ ਮੰਤਰੀ ਬਦਲਣ ਨਾਲ ਹੋਈ Ḕਬੇਸੁਆਦੀ’ ਤਾਂ ਸਭ ਕਿਸੇ ਨੂੰ ਯਾਦ ਹੋਵੇਗੀ।
ਸਰਕਾਰੀ ਮੁਹਿੰਮਾਂ ਦਾ ਨਿੱਜੀ ਰੂਪ ਪੰਜਾਬ ਦੇ ਹਰ ਸ਼ਹਿਰ-ਕਸਬੇ ਵਿਚ ਲੱਗੀਆਂ ਇਸ਼ਤਿਹਾਰੀ ਤਸਵੀਰਾਂ ਵਿਚ ਦਿਖਾਈ ਦਿੰਦੀ ਹੈ। ਹਰ ਤਰੱਕੀ, ਨਿਯੁਕਤੀ, ਜਿੱਤ, ਸਮਾਗਮ ਅਤੇ ਸੁਆਗਤੀ ਸਮਾਗਮ ਲਈ ਵਧਾਈਆਂ ਦਿੰਦੀਆਂ ਅਤੇ ਸੁਆਗਤ ਕਰਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। ਸੂਬਾਈ ਆਗੂਆਂ ਤੋਂ ਮੁਕਾਮੀ ਆਗੂਆਂ ਤੱਕ ਦੀ ਨੁਮਾਇੰਦਗੀ ਕਰਨ ਲਈ ਵੱਡੀਆਂ ਤੋਂ ਛੋਟੀਆਂ ਡੱਬੀਆਂ ਛਪਦੀਆਂ ਹਨ। ਕਈ ਵਾਰ ਤਸਵੀਰ ਦੀਆਂ ਖਾਲੀ ਡੱਬੀਆਂ ਛਪਦੀਆਂ ਹਨ ਅਤੇ ਹੇਠਾਂ ਨਾਮ ਛਪੇ ਹੁੰਦੇ ਹਨ। ਇਨ੍ਹਾਂ ਖਾਲੀ ਡੱਬੀਆਂ ਦੇ ਕੀ ਮਾਅਨੇ ਬਣਦੇ ਹਨ? ਹੋ ਸਕਦਾ ਹੈ ਕਿ ਤਸਵੀਰ ਛਾਪ ਕੇ ਸਨਮਾਨ ਕਰਨਾ ਤੈਅ ਹੋ ਗਿਆ, ਪਰ ਤਸਵੀਰ ਦਾ ਬੰਦੋਬਸਤ ਨਹੀਂ ਹੋਇਆ। ਇਹ ਵੀ ਹੋ ਸਕਦਾ ਹੈ ਕਿ ਵਾਅਦੇ ਜਾਂ ਤਵੱਕੋ ਮੁਤਾਬਕ ਇਸ਼ਤਿਹਾਰ ਦੇ ਖ਼ਰਚੇ ਦਾ ਹਿੱਸਾ ਨਾ ਪਾਇਆ ਹੋਵੇ, ਤੇ ਐਨ ਆਖ਼ਰੀ ਮੌਕੇ ਤਸਵੀਰ ਕੱਢ ਲਈ ਹੋਵੇ। ਨਾਟਕਕਾਰ ਗੁਰਸ਼ਰਨ ਸਿੰਘ ਸੜਕਾਂ, ਚੌਕਾਂ ਅਤੇ ਗਲੀਆਂ-ਬਾਜ਼ਾਰਾਂ ਵਿਚ ਲੱਗੀਆਂ ਇਸ਼ਤਿਹਾਰੀ ਤਸਵੀਰਾਂ ਨੂੰ ਬਦਸੂਰਤੀ ਕਰਾਰ ਦਿੰਦੇ ਹਨ। ਉਨ੍ਹਾਂ ਨੇ ਨਾਟਕ ਲਿਖਿਆ ਸੀ: ਬੂਥੀਆਂ, ਬੂਥੀਆਂ, ਬੂਥੀਆਂ। ਇਸ ਨਾਮ ਨਾਲ ਇਸ਼ਤਿਹਾਰੀ ਬੂਥੀਆਂ ਦੇ ਮਾਅਨੇ ਸਿਆਸੀ ਆਗੂਆਂ ਤੋਂ ਧਾਰਮਿਕ ਸਮਾਗਮਾਂ ਅਤੇ ਮਨੋਰੰਜਨ ਸਨਅਤ ਰਾਹੀਂ ਨਹਾਉਣ-ਧੋਣ, ਖਾਣ-ਪੀਣ ਅਤੇ ਵਰਤੋਂ ਦੀਆਂ ਹੋਰ ਚੀਜ਼ਾਂ ਦੇ ਇਸ਼ਤਿਹਾਰਾਂ ਨਾਲ ਜੁੜ ਜਾਂਦੇ ਹਨ।
ਮੀਡੀਆ ਇਸ ਚਰਚਾ ਦਾ ਮੰਚ ਬਣਿਆ ਹੋਇਆ ਹੈ ਜੋ ਆਪ ਇਸ਼ਤਿਹਾਰੀ ਖ਼ਬਰਾਂ ਅਤੇ ਸੰਪਾਦਕੀਆਂ ਦੇ ਇਲਜ਼ਾਮਾਂ ਵਿਚ ਘਿਰਿਆ ਹੋਇਆ ਹੈ। ਮੀਡੀਆ ਵਿਚ ਇਹ ਚਰਚਾ ਆਮ ਰਹਿੰਦੀ ਹੈ ਕਿ ਕੋਈ ਸਰਕਾਰ ਆਪਣੀਆਂ ਪ੍ਰਾਪਤੀਆਂ ਨੂੰ ਪੇਸ਼ ਕਰਨ ਵਿਚ ਨਾਕਾਮਯਾਬ ਰਹੀ ਹੈ ਜਾਂ ਕੋਈ ਸਿਆਸੀ ਪਾਰਟੀ ਆਪਣੇ ਵਾਅਦੇ ਲੋਕਾਂ ਨੂੰ ਜਚਾਉਣ ਵਿਚ ਕਾਮਯਾਬ ਹੋਈ ਹੈ। ਇਸ ਚਰਚਾ ਦਾ ਸਿੱਧਾ ਰਿਸ਼ਤਾ ਇਸ਼ਤਿਹਾਰ ਸਨਅਤ ਅਤੇ ਮੀਡੀਆ ਦੀ ਆਮਦਨ ਨਾਲ ਜੁੜਦਾ ਹੈ। ਇਹ ਮੀਡੀਆ ਬਹੁਤ ਮਹੀਨ ਢੰਗ ਨਾਲ ਇਸ਼ਤਿਹਾਰ ਲਈ ਸਰਕਾਰ ਦੀ ਬਾਂਹ ਮਰੋੜਦਾ ਹੈ। ਮੀਡੀਆ ਲਈ ਵਿਚਾਰ ਮੁਖੀ ਪੇਸ਼ਕਾਰੀ ਮੁਸ਼ਕਿਲ ਹੁੰਦੀ ਹੈ, ਕਿਉਂਕਿ ਇਹ ਜ਼ਿਆਦਾ ਤਰੱਦਦ ਦੀ ਮੰਗ ਕਰਦੀ ਹੈ। ਵਿਅਕਤੀ ਮੁਖੀ ਸਿਆਸਤ, ਮੀਡੀਆ ਦੀ ਅਣਸਰਦੀ ਲੋੜ ਹੈ। ਇਸ ਰੁਝਾਨ ਦੇ ਦੌਰ ਵਿਚ ਆਮ ਆਦਮੀ ਪਾਰਟੀ ਦੇ ਇਸ਼ਤਿਹਾਰ ਚਰਚਾ ਦਾ ਵਿਸ਼ਾ ਬਣੇ ਹਨ। ਆਮ ਆਦਮੀ ਪਾਰਟੀ ਦਾ ਨਾਮ ਇਸੇ ਇਸ਼ਤਿਹਾਰੀ ਮਸ਼ਕ ਦਾ ਹਿੱਸਾ ਹੈ। ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਵਿਚ Ḕਮੈਂ ਵੀ ਅੰਨਾ’, Ḕਤੂੰ ਵੀ ਅੰਨਾ’ ਅਤੇ Ḕਸਾਰੇ ਅੰਨਾ’ ਵਰਗੇ ਬੋਲੇ ਆਮ ਰਹੇ ਹਨ। ਇਨ੍ਹਾਂ ਬੋਲਿਆਂ ਦੀ ਘਾੜਤ ਅਤੇ ਪ੍ਰਚਾਰ ਕਰਨ ਵਿਚ ਮੀਡੀਆ ਦੀ ਭੂਮਿਕਾ ਅਹਿਮ ਰਹੀ ਸੀ ਜੋ ਉਸ ਵੇਲੇ ਰਾਡੀਆ ਟੇਪਾਂ ਵਾਲੇ ਵਿਵਾਦ ਵਿਚ ਫਸਿਆ ਹੋਇਆ ਸੀ। ਜਦੋਂ ਨਵੀਂ ਸਿਆਸੀ ਪਾਰਟੀ ਦਾ ਨਾਮ Ḕਆਮ ਆਦਮੀ ਪਾਰਟੀ’ ਰੱਖਿਆ ਗਿਆ ਤਾਂ ਇਹ ਸਚੇਤ ਚੋਣ ਸੀ ਜਿਵੇਂ ਕੋਕਾ ਕੋਲਾ Ḕਠੰਢਾ ਮਤਲਬ ਕੋਕਾ ਕੋਲਾ।’ ਉਸ ਵੇਲੇ ਤੱਕ ਸਿਆਸੀ ਪਾਰਟੀਆਂ ਆਮ ਆਦਮੀ ਦੇ ਨਾਮ ਉਤੇ ਸਿਆਸਤ ਕਰਦੀਆਂ ਸਨ, ਪਰ ਹੁਣ ਪਾਰਟੀ ਦਾ ਨਾਮ Ḕਆਮ ਆਦਮੀ ਪਾਰਟੀ’ ਹੋ ਗਿਆ। ਇਸ ਨਾਲ ਬਾਕੀ ਪਾਰਟੀਆਂ ਦਾ ਸਿਆਸੀ ਮੁਹਾਵਰਾ ਖੁੱਸ ਗਿਆ ਅਤੇ ਨਵੀਂ ਪਾਰਟੀ ਦੇ ਨਾਮ ਨਾਲ Ḕਆਮ ਆਦਮੀ ਦੀ ਪਾਰਟੀ’ ਹੋਣ ਦਾ ਭੁਲੇਖਾ ਪੈਂਦਾ ਸੀ। ਤ੍ਰਿਹਾਇਆ ਜੀਅ ਗਰਮੀਆਂ ਵਿਚ ਪੀਣ ਲਈ ਠੰਢਾ ਮੰਗਦਾ ਹੈ ਅਤੇ ਕੋਕਾ ਕੋਲਾ ਇਸ਼ਤਿਹਾਰ ਰਾਹੀਂ ਇਸ ਮੰਗ ਵਿਚ ਆਪਣਾ ਨਾਮ ਭਰਦਾ ਹੈ। ਇਸੇ ਤਰਜ਼ ਉਤੇ ਨਜ਼ਰਅੰਦਾਜ਼ ਆਮ ਆਦਮੀ, ਸਿਆਸਤ ਵਿਚ ਆਪਣੀ ਭਾਲ ਕਰਦਾ ਹੈ ਅਤੇ Ḕਆਮ ਆਦਮੀ ਪਾਰਟੀ’ ਆਪਣਾ ਪਤਾ ਪੇਸ਼ ਕਰਦੀ ਹੈ।
ਜਦੋਂ ਗਾਂਧੀ ਟੋਪੀ ਉਤੇ Ḕਮੈਂ ਹਾਂ ਆਮ ਆਦਮੀ’ ਲਿਖਿਆ ਜਾਂਦਾ ਹੈ ਤਾਂ ਕਾਂਗਰਸ ਆਪਣੇ ਇਤਿਹਾਸ ਵਿਚ ਆਪਣੀ ਰਵਾਇਤੀ ਟੋਪੀ ਤੋਂ ਡਰਦੀ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਇਸ ਟੋਪੀ ਨੂੰ ਚੋਣ ਪ੍ਰਚਾਰ ਉਤੇ ਪਾਬੰਦੀ ਲੱਗਣ ਤੋਂ ਬਾਅਦ ਪਾਬੰਦੀ ਦੇ ਘੇਰੇ ਵਿਚ ਲਿਆਉਣ ਦੀ ਮੰਗ ਹੁੰਦੀ ਹੈ। ਜਦੋਂ Ḕਆਮ ਆਦਮੀ ਪਾਰਟੀ’ ਦੇ ਆਗੂ ਤੇ ਕਾਰਕੁਨ Ḕਮੈਂ ਹਾਂ ਆਮ ਆਦਮੀ’ ਦੀ ਲਿਖਤ ਤੋਂ ਬਿਨਾਂ ਗਾਂਧੀ ਟੋਪੀਆਂ ਪਾ ਕੇ ਚੋਣ ਬੂਥਾਂ ਦਾ ਦੌਰਾ ਕਰਦੇ ਹਨ ਤਾਂ ਲੋਕ ਅਣ-ਲਿਖਿਆ ਪੜ੍ਹਦੇ ਹਨ। ਜਦੋਂ ਅਣ-ਲਿਖਿਆ ਪੜ੍ਹਿਆ ਜਾਣ ਲੱਗਦਾ ਹੈ ਤਾਂ ਇਸ ਉਤੇ ਨਵੀਂ ਲਿਖਤ ਉਭਰ ਆਉਂਦੀ ਹੈ: “ਮੈਂ ਹਾਂ ਅਰਵਿੰਦ ਕੇਜਰੀਵਾਲ।” ਇਕ ਪਾਸੇ ਆਮ ਆਦਮੀ ਦੀ ਪਛਾਣ ਵਿਚ ਕੇਜਰੀਵਾਲ ਦੇ ਨਕਸ਼ ਉਘੜਦੇ ਹਨ ਅਤੇ ਦੂਜੇ ਪਾਸੇ “ਮੈਂ ਹਾਂ ਅੰਨਾ” ਵਾਲੀ ਪੈੜ ਵਿਚ ਨਵਾਂ ਪੈਰ ਪੈ ਜਾਂਦਾ ਹੈ। ਜਦੋਂ ਲੋਕ ਸਭਾ ਚੋਣਾਂ ਵਿਚ Ḕਅਬ ਕੀ ਵਾਰ ਮੋਦੀ ਸਰਕਾਰ’ ਦਾ ਮੰਤਰ ਗੂੰਜਦਾ ਹੈ ਤਾਂ ਦਿੱਲੀ ਦੀਆਂ ਲੋਕ ਸਭਾ ਚੋਣਾਂ ਵਿਚ Ḕਪਾਂਚ ਸਾਲ ਕੇਜਰੀਵਾਲ’ ਦਾ ਅਰਵਿੰਦ-ਨਾਦ ਸੁਣਾਈ ਦਿੰਦਾ ਹੈ। ਆਪਣੇ ਸਹੁੰ ਚੁੱਕ ਸਮਾਗਮ ਉਤੇ ਹਉਮੈ ਤੋਂ ਬਚੇ ਰਹਿਣ ਦਾ ਅਹਿਮ ਐਲਾਨ ਕਰਨ ਵਾਲਾ ਕੇਜਰੀਵਾਲ ਦਿਨਾਂ ਵਿਚ ਹੀ ਸੁਆਲ ਕਰਨ ਵਾਲੇ Ḕਵਿਦਵਾਨ’ ਸਾਥੀਆਂ ਨੂੰ Ḕਬੇਆਬਰੂ ਕਰ ਕੇ ਕੂਚੇ ਤੋਂ ਬਾਹਰ’ ਕੱਢ ਦੇਣ ਦੀ ਮਸ਼ਕ ਸ਼ੁਰੂ ਕਰ ਦਿੰਦਾ ਹੈ। ਮੌਜੂਦਾ ਇਸ਼ਤਿਹਾਰ ਰਾਹੀਂ ਇਹ ਰੁਝਾਨ ਆਪਣੇ ਸੁਭਾਵਿਕ ਸਿਖ਼ਰ ਤੱਕ ਪਹੁੰਚਦਾ ਹੈ। ਆਮ ਆਦਮੀ ਦੀਆਂ ਦੁਸ਼ਵਾਰੀਆਂ ਨਾਲ ਜੋੜ ਕੇ ਉਭਰਿਆ ਰੁਝਾਨ ਆਪਣੇ ਖ਼ਾਸੇ ਦੇ ਨਕਸ਼ ਨਿਖਾਰ ਰਿਹਾ ਹੈ।
Ḕਆਮ ਆਦਮੀ ਪਾਰਟੀ’ ਦੇ ਇਸ਼ਤਿਹਾਰ ਵਿਚਲੇ ਸੁਭਾਵਿਕ ਸ਼ਿਖਰ ਨਾਲ ਮੌਜੂਦਾ ਚਰਚਾ ਦਾ ਕੋਈ ਸੁਆਲ ਬੇਮਾਅਨਾ ਨਹੀਂ ਹੋ ਜਾਂਦਾ। ਇਹ ਦਰਅਸਲ ਇਸ਼ਤਿਹਾਰਬਾਜ਼ੀ ਦੇ ਛਲੇਡਾ ਖ਼ਾਸੇ ਨੂੰ ਬੇਪਰਦ ਕਰਦਾ ਹੈ। ਬੀਤੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਕਾਮਯਾਬੀ ਨੂੰ ਇਸ ਦੇ ਮੀਡੀਆ ਪ੍ਰਬੰਧ ਅਤੇ ਨੁਮਾਇਸ਼ੀ ਹੁਨਰ ਨਾਲ ਜੋੜ ਕੇ ਸਮਝਿਆ ਜਾਂਦਾ ਹੈ। ਜਿਵੇਂ Ḕਆਮ ਆਦਮੀ ਪਾਰਟੀ’ ਆਮ ਆਦਮੀ ਦੀ ਪਾਰਟੀ ਹੋਣ ਦਾ ਦਾਅਵਾ ਕਰ ਕੇ ਹਾ-ਲਾ-ਲਾ-ਲਾ ਸਿਆਸਤ ਕਰਦੀ ਹੈ, ਉਸੇ ਤਰ੍ਹਾਂ ਨਰੇਂਦਰ ਮੋਦੀ ਕਾਲੇ ਧਨ ਦੀ ਵਾਪਸੀ ਨਾਲ ਹਰ ਜੀਅ ਨੂੰ ਤਿੰਨ ਲੱਖ ਰੁਪਏ ਮਿਲਣ ਦਾ ਸੁਫ਼ਨਾ ਬੀਜਦਾ ਹੈ। ਪੰਜਾਬ ਵਿਚ Ḕਰਾਜ ਨਹੀਂ ਸੇਵਾ’ ਦੇ ਵਾਅਦੇ ਨਾਲ ਰਣਜੀਤ ਸਿੰਘ ਵਰਗਾ ਰਾਜ ਕਾਇਮ ਕਰਨ ਦਾ ਸੁਫ਼ਨਾ ਬੀਜਿਆ ਜਾਂਦਾ ਹੈ। ਪੰਜਾਬ ਨੂੰ ਕੈਲੀਫੋਰਨੀਆ ਬਣਾਉਣ ਦੇ ਦਾਅਵੇ ਨਾਲ ਪੰਜਾਬੀਆਂ ਨੂੰ ਕੈਲੀਫੋਰਨੀਆ ਦੇ ਰਾਹ ਪਾਇਆ ਜਾਂਦਾ ਹੈ। ਹੁਣ ਪੰਜਾਬ ਦੀਆਂ ਖੇਤਾਂ ਨੂੰ ਸਿੰਜਣ ਵਿਚ ਨਾਕਾਮਯਾਬ ਰਹੀਆਂ ਨਹਿਰਾਂ-ਨਦੀਆਂ ਵਿਚ ਬੱਸਾਂ ਚਲਾਉਣ ਦੀਆਂ ਗੱਲਾਂ ਹੋ ਰਹੀਆਂ ਹਨ।
ਹਿਟਲਰ ਦੇ ਦੌਰ ਵਿਚ ਰਵਾਂ ਕੀਤਾ Ḕਇਕ ਝੂਠ ਨੂੰ ਸੌ ਵਾਰ ਬੋਲਣ’ ਦਾ ਦਾਅ ਮੌਜੂਦਾ ਸਿਆਸਤ ਦਾ ਖ਼ਾਸਾ ਬਣ ਗਿਆ ਹੈ। ਅਰਵਿੰਦ ਕੇਜਰੀਵਾਲ ਦੇ ਰਵਾਇਤੀ ਧਿਰਾਂ ਦੇ ਹਮਾਮ ਵਿਚ ਆ ਜਾਣ ਨਾਲ ਪੁਰਾਣੇ ਦਾਅਵੇਦਾਰਾਂ ਨੂੰ ਤਕਲੀਫ਼ ਹੋਈ ਹੈ ਅਤੇ ਉਸ ਨੂੰ ਮੌਕਾਪ੍ਰਸਤ ਕਰਾਰ ਦੇਣ ਵਾਲੇ ਸੱਜਰੇ ਸ਼ਰੀਕਾਂ ਨੂੰ ਮੌਕਾ ਮਿਲ ਗਿਆ ਹੈ। ਇਹ ਸਭ ਜਾਣਦੇ ਹਨ ਕਿ ਇਸ਼ਤਿਹਾਰ ਦੁਸ਼ਵਾਰੀਆਂ ਵਿਚ ਘਿਰੇ ਆਵਾਮ ਅੰਦਰ Ḕਖ਼ਿਆਲੀ ਉਡਾਨ’ ਦਾ ਅਹਿਸਾਸ ਜਗਾਉਂਦਾ ਹੈ ਅਤੇ ਉਸ ਨੂੰ ਜਾਣਕਾਰ ਸ਼ਹਿਰੀ ਦੀ ਥਾਂ ਸ਼ਰਧਾਲੂ ਵਜੋਂ ਪ੍ਰਵਾਨ ਕਰਦਾ ਹੈ। ਮੋਦੀ ਦਾ ਤਿੰਨ ਲੱਖ ਰੁਪਏ ਦਾ ਸੁਫ਼ਨਾ ਵੋਟ ਮਸ਼ੀਨਾਂ ਦਾ ਬਟਨ ਦੱਬਣ ਵੇਲੇ ਫ਼ੈਸਲਾਕੁਨ ਸਾਬਤ ਹੁੰਦਾ ਹੈ। ਜਦੋਂ ਮੋਦੀ ਸਰਕਾਰ ਡਾæ ਮਨਮੋਹਨ ਸਿੰਘ ਦੀਆਂ ਨੀਤੀਆਂ ਦੀ ਮੂੰਹ-ਜ਼ੋਰ ਅਲੰਬਰਦਾਰੀ ਕਰਦੀ ਹੈ ਤਾਂ ਆਵਾਮ ਨੂੰ ਕੁਝ ਸਮੇਂ ਲਈ ਆਪਣੇ ਖ਼ੂਨ ਦਾ ਸਲੂਣਾ ਸੁਆਦ ਚੰਗਾ ਲੱਗਦਾ ਹੈ। ਇਹ ਉਸੇ ਸਿਆਸਤ ਦੀ ਮਹੀਨ ਕੜੀ ਹੈ ਜੋ ਮਨੁੱਖ ਦਾ ਜ਼ਿੰਦਗੀ ਨਾਲੋਂ ਰਿਸ਼ਤਾ ਤੋੜ ਕੇ ਉਸ ਨੂੰ ਫਿਦਾਇਨ ਬਣਾਉਂਦੀ ਹੈ ਅਤੇ ਸ਼ਹਾਦਤ ਤੋਂ ਬਾਅਦ ਹੂਰਾਂ, ਤਹੂਰ ਅਤੇ ਜੰਨਤ ਦਾ ਵਾਅਦਾ ਕਰਦੀ ਹੈ। ਇਸ਼ਤਿਹਾਰ ਦੁਸ਼ਵਾਰੀਆਂ ਦੇ ਝੰਬੇ ਮਨੁੱਖ ਨੂੰ Ḕਮਸਨੂਈ ਪ੍ਰਾਪਤੀਆਂ’ ਦੀ ਵਕਤੀ ਲੋਰ ਵਿਚ ਆਪਣੀਆਂ ਹਾਰਾਂ ਦੇ ਜਸ਼ਨ ਵਿਚ ਸ਼ਾਮਿਲ ਕਰ ਲੈਣ ਦੀ ਮਸ਼ਕ ਸ਼ੁਰੂ ਹੋ ਜਾਂਦੀ ਹੈ। ਜੇ ਕਦੇ ਅੰਗਰੇਜ਼ ਗ਼ੁਲਾਮ ਮੁਲਕਾਂ ਨੂੰ ਅੰਗਰੇਜ਼ੀ ਰਾਜ ਦੀਆਂ ਬਰਕਤਾਂ ਸਮਝਾਉਂਦੇ ਸਨ ਤਾਂ ਹੁਣ Ḕਯੋਗ’ ਕਰਦਾ ਮੁਲਕ Ḕਆਮ ਆਦਮੀ’ ਦੀ ਸਿਆਸਤ ਵਿਚੋਂ ਆਪਣੀ ਪਛਾਣ ਲੱਭ ਰਿਹਾ ਹੈ। Ḕਬੂਥੀਆਂ, ਬੂਥੀਆਂ, ਬੂਥੀਆਂḔ ਨਾਮ ਦਾ ਨਾਟਕ ਲਿਖਣ ਵਾਲਾ ਗੁਰਸ਼ਰਨ ਸਿੰਘ ਸੋਚ ਰਿਹਾ ਹੋਵੇਗਾ, “ਭਾਈ ਮੰਨਾ ਸਿੰਘ! ਇਨ੍ਹਾਂ ਆਗੂਆਂ ਨੂੰ ਕਹਿ ਦੇ, ਇਸ਼ਤਿਹਾਰ ਜਮਹੂਰੀਅਤ ਦਾ ਉਲਟਾ ਪਾਸਾ ਹੈ। ਜ਼ਿੰਦਗੀ ਦੀਆਂ ਹਕੀਕੀ ਦੁਸ਼ਵਾਰੀਆਂ ਤੋਂ ਛੁਟਕਾਰੇ ਲਈ ਆਪਣੀ ਤਕਦੀਰ ਆਪ ਲਿਖਣੀ ਪੈਂਦੀ ਹੈ।”