ਐਮਨੈਸਟੀ ਇੰਟਰਨੈਸ਼ਨਲ ਨੇ ਘੇਰੀ ਭਾਰਤੀ ਫੌਜ

ਨਵੀਂ ਦਿੱਲੀ: ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਕੌਮੀ ਸੰਸਥਾ ਐਮਨੈਸਟੀ ਇੰਟਰਨੈਸ਼ਨਲ ਨੇ ਜੰਮੂ ਕਸ਼ਮੀਰ ਵਿਚ ਫੌਜ ਵੱਲੋਂ ਕੀਤੀਆਂ ਜ਼ਿਆਦਤੀਆਂ ਬਾਰੇ ਵਿਸਥਾਰਤ ਰਿਪੋਰਟ ਜਾਰੀ ਕਰਦਿਆਂ ਮੰਗ ਕੀਤੀ ਹੈ ਕਿ ਜੰਮੂ ਕਸ਼ਮੀਰ ਵਿਚੋਂ ਆਰਮਡ ਫੋਰਸਜ਼ ਸਪੈਸ਼ਲ ਪਾਵਰਜ਼ ਐਕਟ (ਅਫ਼ਸਪਾ) ਤੁਰੰਤ ਖਤਮ ਕੀਤਾ ਜਾਵੇ।

ਆਪਣੀ 77 ਸਫਿਆਂ ਦੀ ਰਿਪੋਰਟ ਵਿਚ ਐਮਨੈਸਟੀ ਇੰਟਰਨੈਸ਼ਨਲ ਨੇ ਦੋਸ਼ ਲਗਾਇਆ ਹੈ ਕਿ ਜੰਮੂ ਕਸ਼ਮੀਰ ਵਿਚ ਭਾਰਤੀ ਫੌਜ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ। ਯਾਦ ਰਹੇ ਕਿ ਅਫਸਪਾ ਤਹਿਤ ਫੌਜ ਕਿਸੇ ਵੀ ਬੰਦੇ ਨੂੰ ਸਿਰਫ ਸ਼ੱਕ ਦੇ ਆਧਾਰ ‘ਤੇ ਗੋਲੀ ਮਾਰ ਸਕਦੀ ਹੈ ਅਤੇ ਇਸ ਸਬੰਧੀ ਫੌਜ ਤੋਂ ਕੋਈ ਪੁੱਛ-ਪੜਤਾਲ ਨਹੀਂ ਕੀਤੀ ਜਾ ਸਕਦੀ। ਚੇਤੇ ਰਹੇ ਕਿ ਜੰਮੂ ਕਸ਼ਮੀਰ ਵਿਚ ਸਿਰਫ ਇਕ ਅੱਧ ਕੇਸ ਨੂੰ ਛੱਡ ਕੇ ਅਜਿਹੇ ਕਿਸੇ ਵੀ ਮਾਮਲੇ ਵਿਚ ਫੌਜ ਬਾਰੇ ਕੋਈ ਜਾਂਚ-ਪੜਤਾਲ ਨਹੀਂ ਕੀਤੀ ਗਈ। ਇਸ ਰਿਪੋਰਟ ਨਾਲ ਜੰਮੂ ਕਸ਼ਮੀਰ ਵਿਚ ਸੱਤਾਧਾਰੀ ਪੀæਡੀæਪੀæ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ ਕਿਉਂਕਿ ਪੀæਡੀæਪੀæ ਸੂਬੇ ਵਿਚੋਂ ਅਫ਼ਸਪਾ ਖਤਮ ਕਰਨ ਲਈ ਕਹਿ ਰਹੀ ਹੈ ਜਦ ਕਿ ਭਾਰਤੀ ਜਨਤਾ ਪਾਰਟੀ ਇਸ ਦੀ ਹਮਾਇਤ ਕਰ ਰਹੀ ਹੈ।