ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਾਲਾਤ ਉਤੇ ਤਿੱਖੀ ਨਜ਼ਰ

ਨਵੀਂ ਦਿੱਲੀ: ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਫੈਲੇ ਲੋਕ ਰੋਹ ਨੂੰ ਦੇਖਦਿਆਂ ਕੇਂਦਰ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਹਾਲਾਤ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਾਂਤੀ ਬਹਾਲੀ ਲਈ ਲੋੜੀਂਦੇ ਸਖਤ ਕਦਮ ਚੁੱਕਣ ਦੀ ਹਦਾਇਤ ਕੀਤੀ ਹੈ।

ਉਧਰ ਸਿੱਖ ਜਥੇਬੰਦੀਆਂ ਦੀ ਅਗਵਾਈ ਹੇਠ ਲੋਕਾਂ ਵੱਲੋਂ ਸੜਕਾਂ ਜਾਮ ਕਰਕੇ ਰਾਜ ਮਾਰਗਾਂ ਨੂੰ ਠੱਪ ਕੀਤਾ ਹੋਇਆ ਹੈ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ‘ਤੇ ਗੱਲਬਾਤ ਕਰਕੇ ਸੂਬੇ ਦੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਸ਼ ਬਾਦਲ ਨੂੰ ਕੇਂਦਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਸ੍ਰੀ ਰਾਜਨਾਥ ਸਿੰਘ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸੂਬੇ ਦੇ ਹਾਲਾਤ ਤੋਂ ਜਾਣੂ ਕਰਾਇਆ ਤੇ ਸ਼ ਬਾਦਲ ਨਾਲ ਹੋਈ ਗੱਲਬਾਤ ਦੇ ਵੇਰਵੇ ਦਿੱਤੇ। ਸੂਤਰਾਂ ਨੇ ਕਿਹਾ ਕਿ ਸ੍ਰੀ ਰਾਜਨਾਥ ਸਿੰਘ ਨੇ ਮੁੱਖ ਮੰਤਰੀ ਨੂੰ ਗੱਲਬਾਤ ਦੌਰਾਨ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ਦੇ ਹਾਲਾਤ ਤੋਂ ਫਿਕਰਮੰਦ ਹੈ। ਉਨ੍ਹਾਂ ਸ਼ ਬਾਦਲ ਨੂੰ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਹਾਲਤ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਵਾਅਦਾ ਕੀਤਾ ਕਿ ਕੇਂਦਰ ਤਣਾਅ ਨੂੰ ਘਟਾਉਣ ਲਈ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਤਿਆਰ ਹੈ। ਉਧਰ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮੋਗਾ, ਮਾਨਸਾ, ਸੰਗਰੂਰ, ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਅਬੋਹਰ, ਹੁਸ਼ਿਆਰਪੁਰ, ਫਗਵਾੜਾ, ਪਟਿਆਲਾ ਤੇ ਹੋਰ ਥਾਵਾਂ ਉਤੇ ਧਰਨੇ ਦੇ ਕੇ ਲੋਕਾਂ ਨੇ ਆਵਾਜਾਈ ਠੱਪ ਕੀਤੀ ਹੋਈ ਹੈ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਆਪਣੀ ਪਾਰਟੀ ਦੇ ਸੂਬਾ ਪ੍ਰਧਾਨ ਕਮਲ ਸ਼ਰਮਾ ਨਾਲ ਗੱਲਬਾਤ ਕਰਕੇ ਸੂਬੇ ਦੀ ਸਥਿਤੀ ਦਾ ਜਾਇਜ਼ਾ ਲਿਆ। ਸ੍ਰੀ ਸ਼ਰਮਾ ਨੇ ਇਸ ਗੱਲਬਾਤ ਦੀ ਪੁਸ਼ਟੀ ਕੀਤੀ ਹੈ।
____________________________
ਸਰਕਾਰ ਨੂੰ ਅਸਥਿਰ ਕਰਨ ਦੀ ਚਾਲ: ਬਾਦਲ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਨਣਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਰਾਜ ਭਰ ਦੇ ਲੋਕਾਂ ਵਿਚ ਫੈਲੇ ਰੋਹ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਨੁਕਸਾਨ ਝੱਲਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਰਾਜਨੀਤਕ ਨੁਕਸਾਨ ਦੀ ਭਰਪਾਈ ਸਮਾਂ ਪਾ ਕੇ ਹੀ ਹੋ ਸਕਦੀ ਹੈ। ਕੁਝ ਵਿਦੇਸ਼ੀ ਸ਼ਕਤੀਆਂ ਤੇ ਰਾਜਸੀ ਪਾਰਟੀਆਂ ਅਕਾਲੀ-ਭਾਜਪਾ ਸਰਕਾਰ ਨੂੰ ਅਸਥਿਰ ਕਰਨਾ ਚਾਹੁੰਦੀਆਂ ਹਨ, ਪਰ ਅਸੀਂ ਅਮਨ ਸ਼ਾਂਤੀ ਹਰ ਕੀਮਤ ‘ਤੇ ਕਾਇਮ ਰੱਖਣੀ ਹੈ। ਇਸ ਸੰਵੇਦਨਸ਼ੀਲ ਮੁੱਦੇ ਨਾਲ ਜੁੜੇ ਵਿਵਾਦਮਈ ਸਵਾਲਾਂ ਨੂੰ ਸ਼ ਬਾਦਲ ਨੇ ਆਪਣੇ ਸੁਭਾਅ ਮੁਤਾਬਕ ਟਾਲਣ ਦਾ ਯਤਨ ਤਾਂ ਕੀਤਾ, ਪਰ ਉਹ ਸਪੱਸ਼ਟ ਤੌਰ ‘ਤੇ ਲਾਚਾਰ ਦਿਖਾਈ ਦੇ ਰਹੇ ਸਨ। ਮੁੱਖ ਮੰਤਰੀ ਵੱਲੋਂ ਦਿੱਤੇ ਸਵਾਲਾਂ ਦੇ ਜਵਾਬ ਵਿਚ ਇਸ ਬੇਹੱਦ ਗੰਭੀਰ ਤੇ ਸੰਵੇਦਨਸ਼ੀਲ ਮੁੱਦੇ ਦਾ ਹੱਲ ਦਿਖਾਈ ਨਹੀਂ ਦਿੱਤਾ। ਸਰਕਾਰ ਤੇ ਪਾਰਟੀ ਦੀ ਭੂਮਿਕਾ ਸਬੰਧੀ ਜਦੋਂ ਪੁੱਛਿਆ ਗਿਆ ਤਾਂ ਮੁੱਖ ਮੰਤਰੀ ਦੀਆਂ ਗੱਲਾਂ ਤੋਂ ਅਕਾਲੀ ਦਲ ਤੇ ਸਰਕਾਰ ਹਨੇਰੀ ਸੁਰੰਗ ਦੇ ਸਾਹਮਣੇ ਖੜ੍ਹੇ ਦਿਖਾਈ ਦੇ ਰਹੇ ਜਾਪਦੇ ਸਨ।